ਬਦੀ ’ਤੇ ਨੇਕੀ ਦੀ ਜਿੱਤ ਹੈ ਦਸਹਿਰਾ: ਭਗਵੰਤ ਮਾਨ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 12 ਅਕਤੂਬਰ
ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਦੀ ਉਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦਸਹਿਰਾ ਮੈਦਾਨ ਵਿੱਚ ਜਦੋਂ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ,‘ਦਸਹਿਰੇ ਦਾ ਤਿਉਹਾਰ ਸਾਨੂੰ ਨਿਮਰ ਰਹਿਣ, ਆਪਣੇ ਗੁੱਸੇ ’ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਉਪਦੇਸ਼ ਵੀ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ,‘ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਸਮਾਨਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਜਿਉਣ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਖੁਸ਼ੀ ਭਰਿਆ ਤਿਉਹਾਰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਇਕਜੁੱਟ ਹੋ ਕੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ। ਇਸ ਮੌਕੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਅਤੇ ਰਾਜਸੀ ਆਗੂ ਸ਼ਾਮਲ ਸਨ।
ਭਗਦੜ ਦੌਰਾਨ ਦੋ ਜ਼ਖ਼ਮੀ
ਦਸਹਿਰਾ ਮੈਦਾਨ ਵਿੱਚ ਜਦੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ ਤਾਂ ਇਸ ਦੌਰਾਨ ਬਾਹਰ ਜਾਣ ਵੇਲੇ ਭਗਦੜ ਮਚ ਗਈ। ਇਸ ਭਗਦੜ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਦੌਰਾਨ ਮੈਦਾਨ ਦੇ ਨੇੜੇ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਸਨ।