ਪੇਚਸ਼: ਸਿਹਤ ਮੰਤਰੀ ਵੱਲੋਂ ਬਲੌਂਗੀ ਤੇ ਬੜਮਾਜਰਾ ’ਚ ਕੈਂਪਾਂ ਦਾ ਨਿਰੀਖਣ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 18 ਜੁਲਾਈ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁਹਾਲੀ ਦੀ ਜੂਹ ਵਿੱਚ ਸਭ ਤੋਂ ਵੱਧ ਪੇਚਸ਼ ਅਤੇ ਹੈਜ਼ੇ ਤੋਂ ਪ੍ਰਭਾਵਿਤ ਖੇਤਰ ਬਲੌਂਗੀ ਅਤੇ ਬੜਮਾਜਰਾ ਦਾ ਦੌਰਾ ਕਰਕੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਤੇ 2.5 ਲੱਖ ਕਲੋਰੀਨ ਗੋਲੀਆਂ ਦੀ ਨਵੀਂ ਖੇਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਮੰਤਰੀ ਨੇ ਬਲੌਂਗੀ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਧਰ, ਡਾ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਦੇ ਮੈਡੀਕਲ ਵਿਦਿਆਰਥੀ ਅਤੇ ਹੋਰ ਕਾਲਜਾਂ ਦੇ ਨਰਸਿੰਗ ਵਿਦਿਆਰਥੀ ਲੋਕਾਂ ਨੂੰ ਪਾਣੀ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਵਿਭਾਗ ਵੱਲੋਂ ਸ਼ੁਰੂ ਕੀਤੀ ਆਈਈਸੀ ਗਤੀਵਿਧੀ ਦਾ ਹਿੱਸਾ ਬਣੇ।
ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਲੋਕਾਂ ਨੂੰ ਪੇਚਸ਼ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਸਰਕਾਰ ਵਚਨਬੱਧ ਹੈ। ਅੱਜ ਮੁਹਾਲੀ ਜ਼ਿਲ੍ਹੇ ’ਚ 21 ਮੈਡੀਕਲ ਚੈੱਕਅਪ ਕੈਂਪ ਲਗਾਏ ਗਏ। ਡਾਇਰੀਆ ਤੋਂ ਬਚਾਅ ਲਈ ਆਸ਼ਾ ਵਰਕਰਾਂ ਤੇ ਮੈਡੀਕਲ ਵਿਦਿਆਰਥੀਆਂ ਵੱਲੋਂ ਟੀਮਾਂ ਬਣਾ ਕੇ ਘਰ-ਘਰ ਓਆਰਐਸ ਦੇ ਪੈਕੇਟ ਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਗਈਆਂ ਹਨ। ਇਸੇ ਦੌਰਾਨ ਸਿਹਤ ਮੰਤਰੀ ਨਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਮੀਟਿੰਗ ਕੀਤੀ ਅਤੇ ਮੌਜੂਦਾ ਹਾਲਾਤਾਂ ਨਾਲ ਨਜਿੱਠਣ ’ਤੇ ਜ਼ੋਰ ਦਿੱਤਾ।
ਸਿਹਤ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ
ਫਤਹਿਗੜ੍ਹ ਸਾਹਬਿ (ਨਿੱਜੀ ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੇ ਸੂਬੇ ਦੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਹੜ੍ਹਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਭਾਵੇਂ ਹੋ ਚੁੱਕੀ ਹੈ ਪਰ ਵਾਟਰ ਬੌਰਨ ਤੇ ਵੈਕਟਰ ਬੌਰਨ ਬਿਮਾਰੀਆਂ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਬਿਮਾਰੀਆਂ ਨੂੰ ਮੁੱਢਲੇ ਪੜਾਅ ’ਤੇ ਹੀ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।