ਥਰਮਲ ਪਲਾਂਟ ਦੇ ਮੁਲਾਜ਼ਮਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਜਗਮੋਹਨ ਸਿੰਘ
ਘਨੌਲੀ, 22 ਅਗਸਤ
ਇੱਥੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿੱਚ ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਜੁਆਇੰਟ ਫੋਰਮ ਦੇ ਸੱਦੇ ’ਤੇ ਥਰਮਲ ਪਲਾਂਟ ਰੂਪਨਗਰ ਦੇ ਮੁਲਾਜ਼ਮਾਂ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ। ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਰਾਜ ਕੁਮਾਰ ਤਿਵਾੜੀ, ਪਵਨਪ੍ਰੀਤ ਸਿੰਘ, ਜਗਵਿੰਦਰ ਸਿੰਘ, ਕੰਵਲਜੀਤ ਸਿੰਘ, ਬਲਵਿੰਦਰ ਸਿੰਘ, ਤਰੁਲ ਲੋਥਰਾ, ਧਰਿੰਦਰ ਪਾਂਡੇ ਤੇ ਵੀਰਪਾਲ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਰੱਦ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਮੁਲਾਜ਼ਮਾਂ ਅਤੇ ਮਜ਼ਦੂਰਾਂ ਵਿੱਚ ਰੋਸ ਦੀ ਲਹਿਰ ਹੈ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮਸਲੇ ਫੌਰੀ ਹੱਲ ਕੀਤੇ ਜਾਣ ਤੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਤੇ ਇਨ੍ਹਾਂ ਦੀ ਘੱਟੋ ਘੱਟ ਤਨਖਾਹ 26000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ।