For the best experience, open
https://m.punjabitribuneonline.com
on your mobile browser.
Advertisement

ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

07:44 AM Aug 02, 2024 IST
ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ
ਕਾਂਗਰਸ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੇ ਹੋਏ ਈਡੀ ਦੇ ਅਧਿਕਾਰੀ।
Advertisement

ਹਤਿੰਦਰ ਮਹਿਤਾ
ਜਲੰਧਰ, 1 ਅਗਸਤ
ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤ ਭੂਸ਼ਣ ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ, ਜਿੱਥੇ ਲਗਾਤਾਰ ਪੁੱਛਗਿੱਛ ਮਗਰੋਂ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੋੜਾਂ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ। ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੁਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।
ਇਸ ਮਾਮਲੇ ’ਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ। ਹੁਣ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਐੱਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਸ਼ੂ ’ਤੇ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਵੀ ਦੋਸ਼ ਹੈ।

Advertisement

Advertisement
Author Image

joginder kumar

View all posts

Advertisement
Advertisement
×