ਸਾਬਕਾ ਮੰਤਰੀ ਆਸ਼ੂ ਤੇ ਕਈ ਸਮਰਥਕਾਂ ’ਤੇ ਈਡੀ ਦੇ ਛਾਪੇ
ਗੁਰਿੰਦਰ ਸਿੰਘ
ਲੁਧਿਆਣਾ, 24 ਅਗਸਤ
ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਸਵੇਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਦੇ ਕਈ ਸਮਰਥਕਾਂ ਦੇ ਘਰਾਂ ’ਤੇ ਛਾਪੇ ਮਾਰ ਕੇ ਕਈ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ। ਕੌਮੀ ਰਾਜਧਾਨੀ ਦਿੱਲੀ ਅਤੇ ਚੰਡੀਗੜ੍ਹ ਸਣੇ ਹੋਰ ਕਈ ਜ਼ਿਲ੍ਹਿਆਂ ਵਿੱਚੋਂ ਆਏ ਈਡੀ ਦੇ ਅਧਿਕਾਰੀਆਂ ਨੇ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੁੱਝ ਅਧਿਕਾਰੀਆਂ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ, ਸਾਬਕਾ ਕੌਂਸਲਰ ਸੰਨੀ ਭੱਲਾ, ਆਸ਼ੂ ਦੇ ਪੀਏ ਇੰਦਰਜੀਤ ਇੰਦੀ, ਮੀਨੂ ਮਲਹੋਤਰਾ ਅਤੇ ਮੁਲਾਂਪੁਰ ਦੇ ਠੇਕੇਦਾਰ ਤੇਲੂ ਰਾਮ ਦੇ ਘਰਾਂ ਵਿੱਚ ਵੀ ਪੜਤਾਲ ਕੀਤੀ। ਇਸ ਕਾਰਵਾਈ ਵਿੱਚ 150 ਤੋਂ ਵੱਧ ਅਧਿਕਾਰੀ ਅਤੇ ਨੀਮ ਫੌਜੀ ਬਲਾਂ ਦੇ ਜਵਾਨ ਸ਼ਾਮਲ ਸਨ, ਜਿਨ੍ਹਾਂ ਨੇ ਸਵੇਰੇ 6.30 ਵਜੇ ਇੱਕੋ ਸਮੇਂ ’ਤੇ ਸਾਰੀਆਂ ਥਾਵਾਂ ’ਤੇ ਕਾਰਵਾਈ ਕੀਤੀ। ਪਿਛਲੀ ਕਾਂਗਰਸ ਸਰਕਾਰ ਵਿੱਚ ਭਾਰਤ ਭੂਸ਼ਣ ਆਸ਼ੂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ। ਉਨ੍ਹਾਂ ਉੱਪਰ ਅਨਾਜ ਦੀ ਢੋਆ-ਢੁਆਈ ਸਣੇ ਕਈ ਹੋਰ ਘੁਟਾਲਿਆਂ ਦੇ ਦੋਸ਼ ਲੱਗੇ ਸਨ, ਜਿਸ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਆਸ਼ੂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਸਨ। ਵਿਜੀਲੈਂਸ ਬਿਊਰੋ ਨੇ ਆਸ਼ੂ ਨੂੰ 22 ਅਗਸਤ 2022 ਨੂੰ ਗ੍ਰਿਫ਼ਤਾਰ ਕੀਤਾ ਸੀ। ਉਪਰੰਤ ਉਨ੍ਹਾਂ ਨੂੰ ਕਈ ਮਹੀਨੇ ਜੇਲ੍ਹ ਵਿੱਚ ਵੀ ਰਹਿਣਾ ਪਿਆ ਸੀ। ਹੁਣ ਆਸ਼ੂ ਜ਼ਮਾਨਤ ’ਤੇ ਬਾਹਰ ਆਏ ਸਨ।
ਮਿਲੀ ਜਾਣਕਾਰੀ ਅਨੁਸਾਰ ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਕਾਗਜ਼ ਲੈ ਲਏ ਸਨ ਅਤੇ ਜਾਂਚ ਦੌਰਾਨ ਅੱਜ ਸਾਬਕਾ ਮੰਤਰੀ ਦੇ ਘਰ ਛਾਪਾ ਮਾਰਿਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਅਫਸਰਾਂ ਵੱਲੋਂ ਜਾਂਚ ਦਾ ਕੰਮ ਜਾਰੀ ਸੀ। ਫਿਲਹਾਲ ਕਿਸੇ ਵੀ ਅਧਿਕਾਰੀ ਵੱਲੋਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ ਅਤੇ ਸਾਬਕਾ ਮੰਤਰੀ ਦੇ ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਬਲਾਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦੀ ਰਿਹਾਇਸ਼ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਛਾਪੇ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ ਸਮਰਥਕ ਇਕੱਠੇ ਹੋ ਗਏ। ਇਸ ਮੌਕੇ ਆਸ਼ੂ ਦੀ ਪਤਨੀ ਮਮਤਾ ਆਸ਼ੂ, ਜੋ ਕਿ ਡਾਕ ਵਿਭਾਗ ਵੱਲੋਂ ਆਇਆ ਕੋਈ ਪੱਤਰ ਲੈਣ ਲਈ ਸੁਰੱਖਿਆ ਮੁਲਾਜ਼ਮ ਨਾਲ ਘਰ ਦੇ ਗੇਟ ’ਤੇ ਆਈ ਸੀ, ਨੇ ਪੁੱਛੇ ਜਾਣ ’ਤੇ ਕਿਹਾ, ‘‘ਆਲ ਇਜ਼ ਵੈੱਲ’’। ਉਨ੍ਹਾਂ ਹੱਸਦੇ ਹੋਏ ਕਿਹਾ, ‘‘ਕੀ ਤੁਹਾਨੂੰ ਮੇਰੇ ਚਿਹਰੇ ਤੋਂ ਲੱਗ ਰਿਹਾ ਹੈ ਕਿ ਕੁਝ ਗਲਤ ਹੋ ਰਿਹਾ ਹੈ?’’ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਇੱਕ ਸਮਰਥਕ ਗੋਲਡੀ ਸ਼ਰਮਾ ਨੇ ਦੱਸਿਆ ਕਿ ਆਸ਼ੂ ਵੱਲੋਂ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਸਿਆਸੀ ਬਦਲਾਖੋਰੀ ਤਹਿਤ ਹੋ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਈਡੀ ਵੱਲੋਂ ਪਿਛਲੇ ਕੁਝ ਸਮੇਂ ਤੋਂ ਮਾਮਲੇ ਸਬੰਧੀ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਸੀ ਅਤੇ ਹੁਣ ਉਸੇ ਤਹਿਤ ਇਹ ਕਾਰਵਾਈ ਸ਼ੁਰੂ ਕੀਤੀ ਗਈ ਹੈ। ਆਸ਼ੂ ਲਗਾਤਾਰ ਵਿਵਾਦਾਂ ਵਿੱਚ ਘਿਰੇ ਰਹੇ ਹਨ ਅਤੇ ਹੁਣ ਈਡੀ ਦੀ ਇਹ ਕਾਰਵਾਈ ਉਨ੍ਹਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ।