ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 27 ਜੁਲਾਈ
ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ ਕਰਮਚਾਰੀ ਯੂਨੀਅਨ ਦਾ ਇੱਕ ਵਫ਼ਦ ਮੁੱਖ ਮੰਤਰੀ ਦੇ ਓਐੱਸਡੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਬਾਰੇ ਮੰਗ ਪੱਤਰ ਸੌਂਪਿਆ।
ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿੱਜੀ ਰੁਝੇਵਿਆਂ ਕਾਰਨ ਉਨ੍ਹਾਂ ਤੋਂ ਮੰਗ ਪੱਤਰ ਮੁੱਖ ਮੰਤਰੀ ਦੇ ਓਐੱਸਡੀ ਨੇ ਹਾਸਲ ਕੀਤਾ। ਓਐੱਸਡੀ ਨੇ ਡੇਲੀਵੇਜ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਪ੍ਰਕਿਰਿਆ ਬਾਰੇ ਬੋਰਡ ਮੈਨੇਜਮੈਂਟ ਤੋਂ ਜਾਣਕਾਰੀ ਹਾਸਲ ਕਰਨ ਮਗਰੋਂ ਉਨ੍ਹਾਂ ਨੂੰ ਪੱਕੇ ਕਰਨ ਬਾਰੇ ਮੁੱਖ ਮੰਤਰੀ ਨਾਲ ਇਹ ਮੁੱਦਾ ਵਿਚਾਰਨ ਦਾ ਭਰੋਸਾ ਦਿੱਤਾ। ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 7 ਅਕਤੂਬਰ ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਦੇ ਨਾਲ-ਨਾਲ ਸਕੂਲ ਬੋਰਡ ਦੇ 525 ਡੇਲੀਵੇਜ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਨੀਤੀ ਜਾਰੀ ਕੀਤੀ ਗਈ ਸੀ। ਸਿੱਖਿਆ ਵਿਭਾਗ ਵੱਲੋਂ ਭਲਕੇ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਪ੍ਰੰਤੂ ਬੋਰਡ ਦੇ 525 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਬੋਰਡ ਮੈਨੇਜਮੈਂਟ ਵੱਲੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਡੇਲੀਵੇਜ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਅਜਿਹਾ ਨਾ ਹੋਣ ’ਤੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਸਣੇ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰ ਅਤੇ ਆਦਰਸ਼ ਸਕੂਲਾਂ ਦੇ ਸਮੂਹ ਡੇਲੀਵੇਜ ਕਰਮਚਾਰੀ ਇਕੱਠੇ ਹੋ ਕੇ ਦੋਵੇਂ ਗੇਟ ਬੰਦ ਕਰ ਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ, ਭੁਪਿੰਦਰ ਸਿੰਘ, ਬੂਟਾ ਸਿੰਘ ਤੇ ਮਨਦੀਪ ਸਿੰਘ ਮੌਜੂਦ ਸਨ।