ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਮਾਰਚ
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਮੁਹਾਲੀ ਵਿੱਚ ਸਿੱਖਿਆ ਭਵਨ ਦਾ ਘਿਰਾਓ ਕਰ ਕੇ ਹੁਕਮਰਾਨਾਂ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਹਿਲਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦਾ ਭਵਿੱਖ ਰੋਲਣ ਦੇ ਰਾਹ ਪੈ ਗਈ ਹੈ। ਯੂਨੀਅਨ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਰਾਜਿੰਦਰ ਸਿੰਘ ਸੰਧਾ, ਵਰਿੰਦਰ ਵੋਹਰਾ, ਗੁਰਮੀਤ ਮਾਂਗਟ, ਜਗਮੋਹਨ ਸਿੰਘ, ਚਮਕੌਰ ਸਿੰਘ ਅਤੇ ਰਮਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਅਫ਼ਸਰਸ਼ਾਹੀ ਭਾਰੂ ਹੋਣ ਕਾਰਨ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਿੱਚ ਬੇਲੋੜੀ ਦੇਰੀ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਵੱਲੋਂ 22 ਨਵੰਬਰ 2023 ਅਤੇ 31 ਜਨਵਰੀ 2024 ਨੂੰ ਫ਼ੈਸਲਾ ਲੈਣ ਦੇ ਬਾਵਜੂਦ ਅਫ਼ਸਰ ਕਮੇਟੀ ਪਿਛਲੇ ਤਿੰਨ ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫਾਈਲ ਦੱਬੀ ਬੈਠੀ ਹੈ। ਬੁਲਾਰਿਆਂ ਨੇ ਚੋਣਾਂ ਸਮੇਂ ‘ਆਪ’ ਆਗੂਆਂ ਨੇ ਕੱਚੇ ਮੁਲਾਜ਼ਮਾਂ ਨਾਲ ਜਿਹੜੇ ਵਾਅਦੇ ਕੀਤੇ ਸੀ, ਹੁਣ ਉਨ੍ਹਾਂ ਨੂੰ ਪੂਰਾ ਕਰਨ ਦੀ ਥਾਂ ਆਏ ਦਿਨ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖ਼ਾਹ ਕਟੌਤੀ ਕੀਤੀ ਜਾ ਰਹੀ ਹੈ। ਇੰਜ ਹੀ ਮਿੱਡ-ਡੇਅ-ਮੀਲ ਦਫ਼ਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖ਼ਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੀ ਮਨਜ਼ੂਰੀ ਮਿਲਣ ਦੇ ਬਾਵਜੂਦ ਦਫ਼ਤਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਇਸ ਮੌਕੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਘਿਰਾਓ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ।
ਇਸੇ ਦੌਰਾਨ ਸਿੱਖਿਆ ਮੰਤਰੀ ਦੇ ਦਫ਼ਤਰ ਵੱਲੋਂ ਯੂਨੀਅਨ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 6 ਮਾਰਚ ਨੂੰ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇ ਕੇ ਉਨ੍ਹਾਂ ਸ਼ਾਂਤ ਕੀਤਾ ਗਿਆ। ਇਸ ਭਰੋਸੇ ਮਗਰੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਪ੍ਰੋਗਰਾਮ ਮੁਲਤਵੀ ਕੀਤਾ ਗਿਆ। ਨਾਲ ਹੀ ਇਹ ਐਲਾਨ ਕੀਤਾ ਕਿ 6 ਮਾਰਚ ਤੱਕ ਸਿੱਖਿਆ ਭਵਨ ਦੇ ਬਾਹਰ ਸ਼ਾਂਤਮਈ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸੇ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਜਾਂ ਮੀਟਿੰਗ ਮੁਲਤਵੀ ਕੀਤੀ ਗਈ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸੇ ਦੌਰਾਨ ਦੇਰ ਸ਼ਾਮ ਡੀਜੀਐਸਪੀ ਵਿਨੈ ਬਬਲਾਨੀ ਨੇ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕੀਤੀ ਪਰ ਇਹ ਮੀਟਿੰਗ ਵੀ ਬੇਸਿੱਟਾ ਰਹੀ।