For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਹਾੜਾ ਮੌਕੇ ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਲਹਿਰਾਉਣਗੇ ਤਿਰੰਗਾ

06:06 AM Aug 15, 2024 IST
ਆਜ਼ਾਦੀ ਦਿਹਾੜਾ ਮੌਕੇ ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਲਹਿਰਾਉਣਗੇ ਤਿਰੰਗਾ
ਮੁਹਾਲੀ ਵਿੱਚ ਪੁਲੀਸ ਨਾਕੇ ’ਤੇ ਖ਼ੁਦ ਚੈਕਿੰਗ ਕਰਦੇ ਹੋਏ ਐੱਸਐੱਸਪੀ ਦੀਪਕ ਪਾਰਿਕ ਤੇ ਹੋਰ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 14 ਅਗਸਤ
ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰ ’ਤੇ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 9 ਵਜੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਉੱਧਰ, ਜ਼ਿਲ੍ਹਾ ਪੁਲੀਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਹੈ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਐੱਸਐੱਸਪੀ ਦੀਪਕ ਪਾਰਿਕ ਨੇ ਖ਼ੁਦ ਵੱਖ-ਵੱਖ ਪੁਲੀਸ ਨਾਕਿਆਂ ਦੀ ਨਜ਼ਰਸਾਨੀ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਗਤਪੁਰਾ ਪੁਲੀਸ ਨਾਕੇ ’ਤੇ ਪਹੁੰਚੇ ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨੀ ਦੀ ਸਥਿਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲੀਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਐੱਸਐੱਸਪੀ ਨੇ ਦੱਸਿਆ ਕਿ ਵੱਖ-ਵੱਖ ਅਪਰਾਧਾਂ ਤਹਿਤ ਜੇਲ੍ਹਾਂ ਵਿੱਚ ਬੰਦ ਰਹੇ ਅਤੇ ਹੁਣ ਜ਼ਮਾਨਤ ’ਤੇ ਆਏ ਮੁਲਜ਼ਮਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਨਾਲ ਕਈ ਗੁਆਂਢੀ ਸੂਬਿਆਂ ਦੀਆਂ ਹੱਦਾਂ ਲੱਗਦੀਆਂ ਹਨ, ਇਸ ਲਈ ਬਾਹਰੋਂ ਆਉਣ ਤੇ ਜਾਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਂਜ, ਉਨ੍ਹਾਂ ਪੁਲੀਸ ਨੂੰ ਇਹ ਹਦਾਇਤ ਕੀਤੀ ਕਿ ਕਿਸੇ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਮੁਹਾਲੀ ਸ਼ਹਿਰ ਸਮੇਤ ਸਮੂਹ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ।
ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਅੱਜ ਦੇ ਪੁਲੀਸ ਨਾਕਿਆਂ ਦੌਰਾਨ ਕਰੀਬ ਦੋ ਦਰਜਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 20 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਵੱਖ-ਵੱਖ ਥਾਵਾਂ ’ਤੇ 30 ਨਾਕੇ ਲਗਾਏ ਜਾ ਰਹੇ ਹਨ ਅਤੇ ਪੁਲੀਸ ਦੀ ਗਸ਼ਤ ਵਧਾਈ ਗਈ ਹੈ।

Advertisement
Advertisement
Author Image

Advertisement