ਮੈਰੀਟੋਰੀਅਸ ਸਕੂਲ ਦੇ ਗੇਟ ਅੱਗੇ ਕੇਜਰੀਵਾਲ, ਮਾਨ ਤੇ ਬੈਂਸ ਦੇ ਪੁਤਲੇ ਸਾੜੇ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 11 ਅਕਤੂਬਰ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਅਪੀਲ ’ਤੇ ਅੱਜ ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਸੈਕਟਰ-70 ਦੇ ਕੱਚੇ ਅਧਿਆਪਕਾਂ ਨੇ ਸਕੂਲ ਦੇ ਮੁੱਖ ਗੇਟ ਦੇ ਬਾਹਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੁਤਲੇ ਸਾੜੇ ਅਤੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਛੁੱਟੀ ਤੋਂ ਬਾਅਦ ਅੱਜ ਸਾਰੇ ਮੈਰੀਟੋਰੀਅਸ ਸਕੂਲਾਂ ਦੇ ਬਾਹਰ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਗਏ। ਉਨ੍ਹਾਂ ਕਿਹਾ ਕਿ ਉਹ ਪਿਛਲੇ ਇੱਕ ਦਹਾਕੇ ਤੋਂ ਪੱਕੇ ਕਰਨ ਲਈ ਸਰਕਾਰ ਦੇ ਹਾੜੇ ਕੱਢਦੇ ਆ ਰਹੇ ਹਨ ਪਰ ਕੋਈ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਲੀਡਰਸ਼ਿਪ ਨੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪਰ ਢਾਈ ਸਾਲ ਬੀਤਣ ਦੇ ਬਾਵਜੂਦ ਹਾਲੇ ਤੱਕ ਮੈਰੀਟੋਰੀਅਸ ਸਕੂਲ ਦਾ ਇੱਕ ਵੀ ਅਧਿਆਪਕ ਪੱਕਾ ਨਹੀਂ ਕੀਤਾ ਗਿਆ। ਇਹੀ ਨਹੀਂ ਨਿਗੂਣੀਆਂ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਹੁਣ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਭਵਿੱਖ ਵਿੱਚ ਹੋਰ ਤਿੱਖੇ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।