ਬੰਦੀ ਸਿੰਘਾਂ ਦੀ ਰਿਹਾਈ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਯਤਨ ਜਾਰੀ: ਢੀਂਡਸਾ
ਖੇਤਰੀ ਪ੍ਰਤੀਨਿਧ
ਪਟਿਆਲਾ, 31 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਕੇਂਦਰ ਕੋਲੋਂ ਪੰਜਾਬ ਨਾਲ ਸਬੰਧਤ ਮਸਲਿਆਂ ਦਾ ਹੱਲ ਕਰਵਾਉਣਾ ਹੈ। ਇੱਥੇ ਇੱਕ ਭੋਗ ਸਮਾਗਮ ’ਚ ਸ਼ਿਰਕਤ ਕਰਨ ਪਹੁੰਚੇ ਆਗੂ ਨੇ ਸਮਾਗਮ ਤੋਂ ਬਾਅਦ ‘ਪੰਜਾਬੀ ਟ੍ਰਿਬਿਊਨ’ ਨਾਲ ਹੋਈ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ।
ਸ੍ਰੀ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਛੇਤੀ ਕਰਵਾਉਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ, ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਆਦਿ ਤੋਂ ਇਲਾਵਾ ਉਚੇਚੇ ਤੌਰ ’ਤੇ ਸੂਬੇ ਵਿੱਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਵਿੱਤੀ ਪੈਕਜ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਇਸ ਲਈ ਕੇਂਦਰ ਨੂੰ ਤੁਰੰਤ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿੱਚ ਸੂਬਾ ਸਰਕਾਰ ਸਿੱਖਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਦੇ ਸਕੀ। ਢੀਂਡਸਾ ਨੇ ਕੇਂਦਰ ਨੂੰ ਇਨ੍ਹਾਂ ਘਟਨਾਵਾਂ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੁਖਬੀਰ ਨੇ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਸਿੱਖਾਂ ਲਈ ਦੋ ਰਾਖਵੀਆਂ ਸੀਟਾਂ ਮੰਗੀਆਂ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਸਿੱਖਾਂ ਲਈ ਵੀ ਉਸੇ ਤਰੀਕੇ ਦੋ ਸੀਟਾਂ ਰਾਖਵੀਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਿਤਾਂ ਵਾਸਤੇ ਰੱਖੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨੂੰ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ ਅੱਠ ਸੀਟਾਂ ਬਹਾਲ ਕਰਨ ਅਤੇ ਮਕਬੂਜ਼ਾ ਕਸ਼ਮੀਰ ਤੋਂ ਉੱਜੜ ਕੇ ਆਏ ਤੇ ਹੁਣ ਜੰਮੂ ਕਸ਼ਮੀਰ ਵਿਚ ਰਹਿ ਰਹੇ ਲੋਕਾਂ ਵਾਸਤੇ ਸੀਟਾਂ ਰਾਖਵੀਆਂ ਕਰਨ ਦੀ ਵੀ ਮੰਗ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰਾਂ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਜੰਮੂ ਕਸ਼ਮੀਰ ਦੇ ਸਿੱਖ ਆਗੂਆਂ ਰਾਹੀਂ ਇਹ ਮੰਗਾਂ ਵਾਰ-ਵਾਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਸਿੱਖ ਕੌਮ ਦੇ ਮੈਂਬਰ 1947 ਤੋਂ ਜੰਮੂ ਕਸ਼ਮੀਰ ਵਿਚ ਰਹਿ ਰਹੇ ਹਨ ਅਤੇ ਉਨ੍ਹਾਂ ਨੇ ਵੀ ਉਹੀ ਮੁਸ਼ਕਲਾਂ ਤੇ ਤਸ਼ੱਦਦ ਝੱਲਿਆ ਹੈ ਜੋ ਕਸ਼ਮੀਰੀ ਪੰਡਿਤਾਂ ਨੇ ਝੱਲਿਆ। ਇਸ ਕਰਕੇ ਸਿੱਖ ਭਾਈਚਾਰੇ ਨੂੰ ਵੀ ਕਸ਼ਮੀਰੀ ਪੰਡਿਤਾਂ ਬਰਾਬਰ ਗਿਣਿਆ ਜਾਣਾ ਚਾਹੀਦਾ ਹੈ। ਸੁਖਬੀਰ ਨੇ ਕਸ਼ਮੀਰੀ ਪੰਡਿਤਾਂ ਨੂੰ ਦੋ ਸੀਟਾਂ ਦੇਣ ਦੇ ਕਦਮ ਦਾ ਸੁਆਗਤ ਕੀਤਾ ਤੇ ਕਿਹਾ ਕਿ ਇਸ ਨਾਲ ਉੱਜੜ ਕੇ ਆਏ ਲੋਕਾਂ ਨੂੰ ਕੌਮੀ ਮੁੱਖ ਧਾਰਾ ’ਚ ਸ਼ਾਮਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜਿਸ ਭਾਵਨਾ ਨਾਲ ਕਸ਼ਮੀਰੀ ਪੰਡਿਤਾਂ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਉਹੀ ਭਾਵਨਾ ਸਿੱਖ ਕੌਮ ’ਤੇ ਲਾਗੂ ਕੀਤੀ ਜਾਵੇ ਕਿਉਂਕਿ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਉੱਜੜ ਕੇ ਆਏ 3.5 ਲੱਖ ਸਿੱਖ ਸੂਬੇ ਵਿਚ ਰਹਿ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਸਿੱਖ ਹਮੇਸ਼ਾ ਪਾਕਿਸਤਾਨੀ ਫੌਜ ਅਤੇ ਸਰਹੱਦ ਤੋਂ ਆਉਂਦੇ ਘੁਸਪੈਠੀਆਂ ਖ਼ਿਲਾਫ਼ ਡਟ ਕੇ ਲੜੇ ਹਨ ਅਤੇ ਕਸ਼ਮੀਰ ਦੇ ਨਾਲ-ਨਾਲ ਦੇਸ਼ ਦੀ ਖੇਤਰੀ ਅਖੰਡਤਾ ਦੀ ਵਿਦੇਸ਼ੀ ਹਮਲਿਆਂ ਤੋਂ ਰਾਖੀ ਕੀਤੀ ਹੈ। ਜਦੋਂ ਅਤਿਵਾਦ ਸਿਖ਼ਰ ’ਤੇ ਸੀ, ਉਸ ਵੇਲੇ ਵੀ ਜੰਮੂ ਕਸ਼ਮੀਰ ਦੇ ਸਿੱਖ ਘਰ ਛੱਡ ਕੇ ਨਹੀਂ ਭੱਜੇ। ਉਲਟਾ ਉਨ੍ਹਾਂ ਨੂੰ ਆਪਣੀ ਦੇਸ਼ਭਗਤੀ ਦਾ ਭਾਰੀ ਮੁੱਲ ਉਤਾਰਨਾ ਪਿਆ।