ਹਥਿਆਰ ਤੇ ਨਸ਼ਾ ਤਸਕਰੀ ਮਾਮਲੇ ’ਚ ਅੱਠ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਨਵੰਬਰ
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਅੱਠ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਿੰਨ ਕਿਲੋ 970 ਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਤਿੰਨ ਗਲੌਕ ਪਿਸਤੌਲ ਸ਼ਾਮਿਲ ਹਨ।
ਮੁਲਜ਼ਮਾਂ ਦੀ ਸ਼ਨਾਖਤ ਰਸ਼ਪਾਲ, ਰਾਜਵਿੰਦਰ ਸਿੰਘ, ਜਸਪਿੰਦਰ ਸਿੰਘ, ਪਵਨ ਪਾਲ, ਹਰਸੁਖਮਨਪ੍ਰੀਤ ਸਿੰਘ, ਆਕਾਸ਼ ਮਸੀਹ ਅਤੇ ਬੇਅੰਤਰੂਪ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਪੁਲੀਸ ਨੇ ਤਿੰਨ ਕਿਲੋ 970 ਗ੍ਰਾਮ ਹੈਰੋਇਨ, ਤਿੰਨ ਗਲੌਕ ਪਿਸਤੌਲ (9 ਐੱਮਐੱਮ) ਅਤੇ ਮੈਗਜ਼ੀਨ, ਪਿਸਤੌਲ 32 ਬੋਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਵੱਖ ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਘਰਿੰਡਾ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਸ਼ਨਾਖਤ ਰਸ਼ਪਾਲ ਅਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਦੇ ਕੋਲੋਂ 470 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਥਾਣਾ ਘਰਿੰਡਾ ਵਿੱਚ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਤਸਕਰੀ ਮਾਮਲੇ ਵਿੱਚ ਪੁਲੀਸ ਨੇ ਜਸਪਿੰਦਰ ਸਿੰਘ ਉਰਫ ਬੱਗਾ, ਪਵਨ ਪਾਲ, ਹਰਸੁਖਮਨਪ੍ਰੀਤ ਸਿੰਘ, ਆਕਾਸ਼ ਮਸੀਹ ਅਤੇ ਬੇਅੰਤ ਰੂਪ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਕਿਲੋ 500 ਗ੍ਰਾਮ ਹੈਰੋਇਨ ਅਤੇ ਇੱਕ ਨੌਂ ਐੱਮਐੱਮ ਦਾ ਗਲੌਕ ਪਿਸਤੌਲ ਅਤੇ ਇੱਕ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।
ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਇਸੇ ਥਾਣੇ ਦੇ ਸੀਆਈਏ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਸ਼ਗਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਦੇ ਕੋਲੋਂ ਦੋ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ। ਉਸ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਤਸਕਰੀ ਮਾਮਲੇ ਵਿੱਚ ਪੁਲੀਸ ਮੁਲਾਜ਼ਮ ਵੀ ਸ਼ਾਮਲ
ਐੱਸਐੱਸਪੀ ਚਰਨਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਬੀਤੇ ਦਿਨ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਮਾਮਲੇ ਵਿੱਚ ਪੁਲੀਸ ਮੁਲਾਜ਼ਮ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਫਿਲਹਾਲ ਉਨ੍ਹਾਂ ਨੇ ਪੁਲੀਸ ਮੁਲਾਜ਼ਮ ਦਾ ਨਾਂ ਜਨਤਕ ਕਰਨ ਤੋਂ ਗੁਰੇਜ਼ ਕੀਤਾ ਅਤੇ ਕਿਹਾ ਕਿ ਇਸ ਨਾਲ ਜਾਂਚ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੁਲੀਸ ਮੁਲਾਜ਼ਮ ਇਸ ਵੇਲੇ ਸਿਪਾਹੀ ਹੈ, ਜੋ ਸਰਗਣੇ ਵਜੋਂ ਕੰਮ ਕਰ ਰਿਹਾ ਸੀ। ਮੁਲਾਜ਼ਮ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।