ਯੂਪੀਐੱਸਸੀ ਦੀ ਤਿਆਰੀ ਲਈ ਅੱਠ ਸੈਂਟਰ ਖੋਲ੍ਹੇ ਜਾਣਗੇ
* ਹੋਸਟਲ ਅਤੇ ਲਾਇਬ੍ਰੇਰੀ ਵੀ ਬਣਾਉਣ ਦਾ ਐਲਾਨ
ਆਤਿਸ਼ ਗੁਪਤਾ
ਚੰਡੀਗੜ੍ਹ, 6 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ-ਨਵੇਂ ਸਾਧਨ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਈਏਐੱਸ ਦੀ ਪ੍ਰੀਖਿਆ ਦੀ ਤਿਆਰੀ ਲਈ ਸਿਖਲਾਈ ਸੈਂਟਰ ਮਹਿੰਗੇ ਹਨ, ਜਿਸ ਕਰ ਕੇ ਨੌਜਵਾਨ ਯੂਪੀਐੱਸਸੀ ਦੀ ਤਿਆਰੀ ਕਰਨ ਤੋਂ ਰਹਿ ਜਾਂਦੇ ਹਨ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਯੂਪੀਐੱਸਸੀ ਦੀ ਪ੍ਰੀਖਿਆ ਦੀ ਤਿਆਰੀ ਲਈ 8 ਮੁਫ਼ਤ ਹਾਈ-ਟੈੱਕ ਕੋਚਿੰਗ ਸੈਂਟਰ ਖੋਲ੍ਹੇਗੀ। ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ ਨਵੇਂ ਭਰਤੀ ਹੋਏ 252 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਿਖਲਾਈ ਸੈਂਟਰਾਂ ਨਾਲ ਰਹਿਣ ਲਈ ਹੋਸਟਲ ਤੇ ਪੜ੍ਹਨ ਲਈ ਲਾਇਬ੍ਰੇਰੀ ਵੀ ਬਣਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 29,936 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੱਤਾ ’ਚ ਰਹਿੰਦਿਆਂ ਲੋਕਾਂ ਦੀ ਸੇਵਾ ਕਰਨ ਦੀ ਥਾਂ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਹੈ। ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗੱਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗੱਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਅਜਿਹੇ ਗੱਠਜੋੜਾਂ ਦਾ ਇੱਕੋ-ਇੱਕ ਮਕਸਦ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪੰਜਾਬ ਸਰਕਾਰ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਉਪਲੱਬਧ ਹੈ।