For the best experience, open
https://m.punjabitribuneonline.com
on your mobile browser.
Advertisement

ਬਿਕਰਮਜੀਤ ਖਾਲਸਾ ਵੱਲੋਂ ਪਾਇਲ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ

08:02 AM Apr 25, 2024 IST
ਬਿਕਰਮਜੀਤ ਖਾਲਸਾ ਵੱਲੋਂ ਪਾਇਲ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ
ਬਿਕਰਮਜੀਤ ਸਿੰਘ ਖਾਲਸਾ ਦਾ ਸਨਮਾਨ ਕਰਦੇ ਹੋਏ ਅਕਾਲੀ ਆਗੂ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 24 ਅਪਰੈਲ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਚੋਣ ਪ੍ਰਚਾਰ ਤਹਿਤ ਅੱਜ ਹਲਕਾ ਪਾਇਲ ਦੇ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ। ਇਸ ਦੌਰਾਨ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਗੈਰ ਕਾਂਗਰਸ, ਭਾਜਪਾ ਅਤੇ ‘ਆਪ’ ਦੀਆਂ ਸਰਕਾਰਾਂ ਦਿੱਲੀ ਤੋਂ ਹੀ ਚੱਲਦੀਆਂ ਹਨ ਜਿਨ੍ਹਾਂ ਨੇ ਹਮੇਸ਼ਾਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ‘ਆਪ’ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪਰ ਅੱਜ ਪੜ੍ਹੇ ਲਿਖੇ ਨੌਜਵਾਨਾਂ ਸਮੇਤ, ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਅੰਦਰ ਗੁੰਡਾਗਰਦੀ ਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਪੂਰੇ ਜ਼ੋਰਾਂ ’ਤੇ ਹੈ, ਜਿਸ ਨੂੰ ਕਾਬੂ ਪਾਉਣ ਲਈ ਸੂਬਾ ਸਰਕਾਰ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਰਾਜਕਾਲ ਦੌਰਾਨ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ। ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਅਤੇ ਪਿੰਡਾਂ ਦੇ ਵਿਕਾਸ ਲਈ ਸੰਗਤ ਦਰਸ਼ਨ ਦੌਰਾਨ ਕਰੋੜਾਂ ਰੁਪਏ ਦੇ ਚੈੱਕ ਦਿੱਤੇ। ਉਨ੍ਹਾਂ ਆਖਿਆ ਕਿ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਵੀ ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ ’ਤੇ ਚੱਲ ਰਹੇ ਹਨ। ਸ੍ਰੀ ਖਾਲਸਾ ਨੇ ਲੋਕਾਂ ਨੂੰ ਕਿਹਾ ਕਿ ਉਹ ਉਸ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਉਸ ਦੇ ਘਰ ਦੇ ਦਰਵਾਜ਼ੇ ਹਰ ਵੇਲੇ ਲੋਕਾਂ ਦੀ ਸੇਵਾ ਲਈ ਖੁੱਲ੍ਹੇ ਰਹਿਣਗੇ। ਇਸ ਮੌਕੇ ਕੌਮੀ ਮੀਤ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ, ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਜਥੇਦਾਰ ਪ੍ਰਿਤਪਾਲ ਸਿੰਘ ਝੱਮਟ, ਜਥੇਦਾਰ ਅਵਤਾਰ ਸਿੰਘ ਧਮੋਟ, ਹਰਮਿੰਦਰ ਸਿੰਘ ਮੰਡੇਰ ਜਰਗ ਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਆਦਿ ਹਾਜ਼ਰ ਸਨ।

Advertisement

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਚੋਣ ਮੀਟਿੰਗਾਂ

ਖੰਨਾ (ਨਿੱਜੀ ਪੱਤਰ ਪ੍ਰੇਰਕ): ਪਿੰਡ ਇਸਮੈਲਪੁਰ ਤੇ ਰਤਨਹੇੜੀ ਵਿੱਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਅਤੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਪਿੰਡ ਦੇ ਲੋਕਾਂ ਨਾਲ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ 2 ਮਈ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੰਨਾ ਵਿੱਚ ਕੀਤੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਲਈ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹਿਤੈਸ਼ੀ ਪਾਰਟੀ ਰਹੀ ਹੈ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ। ਕਾਂਗਰਸ ਅਤੇ ‘ਆਪ’ ਪਾਰਟੀਆਂ ਝੂਠ ਦੇ ਪੁਲੰਦੇ ਬੰਨ੍ਹ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਹੁਣ ਲੋਕ ਇਨ੍ਹਾਂ ਲੋਟੂ ਟੋਲਿਆਂ ਨੂੰ ਮੂੰਹ ਨਹੀਂ ਲਾਉਣਗੇ। ਅੱਜ ਦੇ ਸਮੇਂ ਪੰਜਾਬ ਨੂੰ ਦਿੱਲੀ ਦੀਆਂ ਪਾਰਟੀਆਂ ਤੋਂ ਬਚਾਉਣ ਦੀ ਲੋੜ ਹੈ ਕਿਉਂਕਿ ਪਾਰਟੀਆਂ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2 ਮਈ ਦੇ ਕਾਫ਼ਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ। ਅੰਤ ਵਿਚ ਪਿੰਡ ਵਾਸੀਆਂ ਨੇ ਸ੍ਰੀ ਖਾਲਸਾ ਦਾ ਭਰਵਾਂ ਸਵਾਗਤ ਕੀਤਾ।

Advertisement
Author Image

sukhwinder singh

View all posts

Advertisement
Advertisement
×