ਹਰਿਆਣਾ ਵਿਧਾਨ ਸਭਾ ਲਈ ਅੱਜ ਖ਼ਤਮ ਹੋਵੇਗਾ ਚੋਣ ਪ੍ਰਚਾਰ
ਆਤਿਸ਼ ਗੁਪਤਾ
ਚੰਡੀਗੜ੍ਹ, 2 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ਲਈ 3 ਅਕਤੂਬਰ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਖਤਮ ਹੋਣ ਜਾ ਰਿਹਾ ਹੈ। ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸੂਬੇ ’ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਜ਼ਿਆਦਾਤਰ ਉਮੀਦਵਾਰਾਂ ਵੱਲੋਂ ਰੋਡ-ਸ਼ੋਅ ਉਲੀਕੇ ਗਏ ਹਨ। ਇਸ ਦੌਰਾਨ ਵੀ ਭਾਜਪਾ, ਕਾਂਗਰਸ ਤੇ ‘ਆਪ’ ਦੇ ਕਈ ਕੌਮੀ ਆਗੂ ਚੋਣ ਪ੍ਰਚਾਰ ਲਈ ਇਨ੍ਹਾਂ ਰੋਡ ਸ਼ੋਅ ਵਿੱਚ ਸ਼ਮੂਲੀਅਤ ਕਰ ਰਹੇ ਹਨ। ਚੋਣ ਪ੍ਰਚਾਰ ਦੇ ਆਖਰੀ ਦਿਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਆਖਰੀ ਹੰਭਲਾ ਮਾਰਨਗੇ। ਉਨ੍ਹਾਂ ਵੱਲੋਂ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਦੂਜੇ ਪਾਸੇ ਆਮ ਆਦਮੀ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਵੱਲੋਂ ਚੋਣ ਪ੍ਰਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦਿੱਲੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਇਨੈਲੋ ਤੇ ਜੇਜੇਪੀ ਦੇ ਵੀ ਸੀਨੀਅਰ ਆਗੂ ਚੋਣ ਪ੍ਰਚਾਰ ਦੇ ਆਖਰੀ ਦਿਨ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਚੋਣ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਵਿੱਚ ਹੁਣ ਤੱਕ 225 ਤੋਂ ਵੱਧ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਹਨ, ਜਦੋਂਕਿ ਲੋੜ ਪੈਣ ’ਤੇ ਹੋਰ ਸੁਰੱਖਿਆ ਬੱਲ ਵੀ ਤਾਇਨਾਤ ਕੀਤੇ ਜਾਣਗੇ। ਸੂਬੇ ਵਿੱਚ ਵੋਟਾਂ 5 ਅਕਤੂਬਰ ਨੂੰ ਪੈਣੀਆਂ ਹਨ। ਨਤੀਜੇ 8 ਅਕਤੂਬਰ ਨੂੰ ਆਉਣਗੇ।