ਚੋਣ ਕਮਿਸ਼ਨ ਵੱਲੋਂ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੂੰ ਨੋਟਿਸ
ਨਵੀਂ ਦਿੱਲੀ, 9 ਅਪਰੈਲ
ਚੋਣ ਕਮਿਸ਼ਨ ਨੇ ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਖ਼ਿਲਾਫ਼ ਕਥਿਤ ਤੌਰ ਅਪਮਾਨਜਨਕ ਤੇ ਅਸ਼ਲੀਲ ਟਿੱਪਣੀਆਂ ਕਰਨ ’ਤੇ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੂੰ ਇਕ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਕ ਕਦਮ ਹੋਰ ਅੱਗੇ ਵਧਦਿਆਂ ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਕੋਲੋਂ ਜਵਾਬ ਮੰਗਿਆ ਹੈ ਕਿ ਆਗੂਆਂ ਵੱਲੋਂ ਜਨਤਕ ਸੰਵਾਦ ਦੌਰਾਨ ਮਹਿਲਾਵਾਂ ਦਾ ਸਨਮਾਨ ਕਾਇਮ ਰੱਖਣ ਬਾਰੇ ਦਿੱਤੇ ਗਏ ਮਸ਼ਵਰੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕੀ ਕਦਮ ਉਠਾਏ ਗਏ ਹਨ। ਦੋਹਾਂ ਆਗੂਆਂ ਨੂੰ ਚੋਣ ਕਮਿਸ਼ਨ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ। ਸੁਰਜੇਵਾਲਾ ਨੂੰ 11 ਅਪਰੈਲ ਨੂੰ ਸ਼ਾਮ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ ਜਦਕਿ ਖੜਗੇ ਨੂੰ ਅਗਲੇ ਦਿਨ ਸ਼ਾਮ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਪਿਛਲੇ ਮਹੀਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਇਕ ਵੀਡੀਓ ਸਾਂਝੀ ਕਰ ਕੇ ਕਾਂਗਰਸੀ ਆਗੂ ਸੁਰਜੇਵਾਲਾ ’ਤੇ ਮਥੁਰਾ ਸੀਟ ਤੋਂ ਪਾਰਟੀ ਦੀ ਉਮੀਦਵਾਰ ਹੇਮਾ ਮਾਲਿਨੀ ਖ਼ਿਲਾਫ਼ ਅਪਮਾਨਜਨਕ ਤੇ ਮਹਿਲਾ ਵਿਰੋਧੀ ਟਿੱਪਣੀਆਂ ਕਰਨ ਦੇ ਦੋਸ਼ ਲਗਾਏ ਸਨ। ਬਾਅਦ ਵਿੱਚ ਭਾਜਪਾ ਨੇ ਚੋਣ ਕਮਿਸ਼ਨ ਨੂੰ ਸੁਰਜੇਵਾਲਾ ਖ਼ਿਲਾਫ਼ ਸ਼ਿਕਾਇਤ ਕੀਤੀ ਸੀ। ਹਾਲਾਂਕਿ, ਸੁਰਜੇਵਾਲਾ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਦੇ ਆਈਟੀ ਸੈੱਲ ਨੇ ਝੂਠ ਫੈਲਾਉਣ ਵਾਸਤੇ ਅਦਾਕਾਰਾ ਹੇਮਾ ਮਾਲਿਨੀ ਨਾਲ ਸਬੰਧਤ ਟਿੱਪਣੀ ਵਾਲੀ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਲੋਕ ਸਭਾ ਮੈਂਬਰ ਹੇਮਾ ਮਾਲਿਨੀ ਦਾ ਸਨਮਾਨ ਕਰਦੇ ਹਨ।
ਚੋਣ ਕਮਿਸ਼ਨ ਨੇ ਸੁਰਜੇਵਾਲਾ ਨੂੰ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਮੁੱਢਲੀ ਜਾਂਚ ਦੌਰਾਨ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਫੀ ਅਪਮਾਨਜਨਕ ਤੇ ਅਸ਼ਲੀਲ ਪਾਈਆਂ ਗਈਆਂ ਹਨ ਅਤੇ ਮੁੱਢਲੇ ਤੌਰ ’ਤੇ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। -ਪੀਟੀਆਈ