ਚੋਣ ਅਬਜ਼ਰਵਰ ਵੱਲੋਂ ਉਲਟਪੁਰ ਤੇ ਮਹਿਮੂਦਪੁਰ ਦਾ ਦੌਰਾ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 5 ਅਕਤੂਬਰ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਅਬਜ਼ਰਵਰ ਸੀਨੀਅਰ ਆਈਏਐੱਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਨਵਜੋਤ ਪਾਲ ਸਿੰਘ ਰੰਧਾਵਾ ਬਲਾਕ ਭੁਨਰਹੇੜੀ ਦੇ ਪਿੰਡ ਜਵਾਲਾਪੁਰ ਉਰਫ ਉਲਟਪੁਰ ਪੁੱਜੇ, ਜਿਥੇ ਕਿ 2 ਅਕਤੂਬਰ 1959 ਨੂੰ ਪੰਚਾਇਤੀ ਰਾਜ ਸ਼ੁਰੂ ਹੋਣ ਤੋਂ ਬਾਅਦ ਅੱਜ ਤੱਕ ਕਦੇ ਚੋਣ ਨਹੀਂ ਹੋਈ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਵਾਰ ਸਿਮਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ। ਇਸ ਤੋਂ ਬਾਅਦ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਿੰਡ ਮਹਿਮੂਦਪੁਰ ਪੁੱਜੇ, ਜਿੱਥੇ ਕਿ ਪਿੰਡ ਵਾਸੀਆਂ ਨੇ ਸਤਵੰਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ।
ਚੋਣ ਆਬਜ਼ਰਵਰ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਿੰਡ ਹੋਰਨਾਂ ਪਿੰਡਾਂ ਲਾਈ ਰਾਹ ਦਸੇਰਾ ਬਣੇ ਰਹਿਣਗੇ। ਇਸੇ ਦੌਰਾਨ ਉਨ੍ਹਾਂ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।