ਚੋਣ ਅਬਜ਼ਰਵਰਾਂ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ
ਹਤਿੰਦਰ ਮਹਿਤਾ
ਜਲੰਧਰ, 13 ਦਸੰਬਰ
ਜ਼ਿਲ੍ਹਾ ਜਲੰਧਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਬਜ਼ਰਵਰ ਵਜੋਂ ਤਾਇਨਾਤ ਆਈ.ਏ.ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਚੋਣ ਅਮਲ ਨੂੰ ਪੂਰੀ ਸੁਤੰਤਰਤਾ, ਨਿਰਪੱਖਤਾ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਇਹ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੋਲਿੰਗ ਬੂਥਾਂ, ਚੋਣ ਅਮਲੇ ਦੀ ਸਿਖ਼ਲਾਈ, ਡਿਸਪੈਚ ਅਤੇ ਕੁਲੈਕਸ਼ਨ ਸੈਂਟਰ, ਵੋਟਾਂ ਪੈਣ ਤੋਂ ਬਾਅਦ ਈਵੀਐੱਮਜ਼ ਨੂੰ ਸਟਰਾਂਗ ਰੂਮ ਵਿੱਚ ਰੱਖਣ, ਫੋਰਸ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਚੋਣ ਡਿਊਟੀ ’ਤੇ ਤਾਇਨਾਤ ਪੁਲੀਸ ਅਧਿਕਾਰੀਆਂ ਨੂੰ ਵੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਪੂਰੀ ਤਰ੍ਹਾਂ ਚੌਕਸ ਤੇ ਮੁਸਤੈਦ ਰਹਿਣ ਲਈ ਕਿਹਾ। ਚੋਣ ਅਬਜ਼ਰਵਰ ਨੇ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਕਾਗਜ਼ਾਂ ਦੀ ਪੜਤਾਲ ਸ਼ਾਂਤੀਪੂਰਵਕ ਨੇਪਰੇ ਚੜ੍ਹਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਬਿਹਤਰ ਤਾਲਮੇਲ ਲਈ ਪੀ.ਸੀ.ਐਸ. ਰੈਂਕ ਦੇ ਚਾਰ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀਆਂ ਰਿਹਰਸਲਾਂ, ਸਟਰਾਂਗ ਰੂਮ, ਵੋਟਾਂ ਪਵਾਉਣ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਡੀ.ਸੀ.ਪੀ. ਆਦਿੱਤਿਆ ਨੇ ਕਿਹਾ ਕਿ ਪੁਲੀਸ ਵੱਲੋਂ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਚੋਣਾਂ ਦੌਰਾਨ ਲੋੜੀਂਦੀ ਫੋਰਸ ਤਾਇਨਾਤ ਕੀਤੀ ਕੀਤੀ ਜਾਵੇਗੀ। ਇਸ ਮੌਕੇ ਸੁਨੀਲ ਫੋਗਾਟ ਆਈ.ਏ.ਐੱਸ. (ਯੂ.ਟੀ.), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀਰਾਜ ਸਿੰਘ, ਐੱਸ.ਡੀ.ਐੱਮ. ਰਣਦੀਪ ਸਿੰਘ ਤੇ ਬਲਬੀਰ ਰਾਜ ਸਿੰਘ, ਈ.ਓ. ਪੁੱਡਾ ਅਲਕਾ ਕਾਲੀਆ, ਏ.ਸੀ.ਏ. ਜੇ.ਡੀ.ਏ. ਦਰਬਾਰਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਹੁਸ਼ਿਆਰਪੁਰ: ਚੋਣ ਅਬਜ਼ਰਵਰ ਵੱਲੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਦਾ ਜਾਇਜ਼ਾ
ਹੁਸ਼ਿਆਰਪੁਰ (ਹਰਪ੍ਰੀਤ ਕੌਰ):
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨਿਯੁਕਤ ਅਬਜ਼ਰਵਰ ਆਈਏਐੱਸ ਅਧਿਕਾਰੀ ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ ਅੱਜ ਹੁਸ਼ਿਆਰਪੁਰ ਪੁੱਜੇ। ਉਨ੍ਹਾਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਤਹਿਸੀਲ ਕੰਪਲੈਕਸ ਵਿੱਚ ਪੁੱਜੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਸ੍ਰੀਮਤੀ ਰਿਆਤ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵਿੱਚ ਕੋਈ ਤਰੁੱਟੀ ਨਹੀਂ ਹੋਣੀ ਚਾਹੀਦੀ ਅਤੇ ਹਰੇਕ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦੀ ਬਰੀਕੀ ਨਾਲ ਪੜਤਾਲ ਕੀਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਚੋਣ ਅਬਜ਼ਰਵਰ ਨੂੰ ਦੱਸਿਆ ਕਿ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਐੱਸਡੀਐੱਮ ਹੁਸ਼ਿਆਰਪੁਰ ਸੰਜੀਵ ਸ਼ਰਮਾ ਤੇ ਰਿਟਰਨਿੰਗ ਅਫ਼ਸਰ ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ।