ਚੋਣ ਅਫ਼ਸਰ ਵੱਲੋਂ ਪ੍ਰਿੰਟਰਾਂ ਅਤੇ ਪਬਲਿਸ਼ਰਾਂ ਨੂੰ ਹਦਾਇਤਾਂ ਜਾਰੀ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਮਾਰਚ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਪ੍ਰਿੰਟਰਾਂ ਅਤੇ ਪ੍ਰਕਾਸ਼ਕਾਂ ਨੂੰ ਸਪੱਸ਼ਟ ਹਦਾਇਤਾਂ ਕਰਦਿਆਂ ਕਿਹਾ ਕਿ ਲੋਕ ਸਭਾ ਚੋਣ-2024 ਦੌਰਾਨ ਉਨ੍ਹਾਂ ਵੱਲੋਂ ਛਾਪੀ ਜਾਣ ਵਾਲੀ ਚੋਣ ਪ੍ਰਚਾਰ ਸਮੱਗਰੀ ਜਿਵੇਂ ਪੈਂਫਲੇਟ ਜਾਂ ਪੋਸਟਰ ਆਦਿ ’ਤੇ ਪ੍ਰਿੰਟਰ ਤੇ ਪ੍ਰਕਾਸ਼ਕ ਦੇ ਨਾਮ ਦੀ ਲਾਈਨ ਲਾਜ਼ਮੀ ਛਪੀ ਹੋਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਛਾਪਕਾਂ ਤੇ ਪ੍ਰਕਾਸ਼ਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜੇਕਰ ਚੋਣ ਪ੍ਰਚਾਰ ਸਮੱਗਰੀ ਜਿਵੇਂ ਪੈਂਫਲੇਟ ਤੇ ਪੋਸਟਰ ਆਦਿ ਜਿਸ ’ਤੇ ਪ੍ਰਿੰਟਰ ਤੇ ਪਬਲਿਸ਼ਰ ਦਾ ਨਾਮ ਨਹੀਂ ਛਾਪਿਆ ਜਾਵੇਗਾ ਤਾਂ ਸਬੰਧਤ ਵਿਅਕਤੀ ਨੂੰ 6 ਮਹੀਨੇ ਤੱਕ ਕੈਦ ਜਾਂ 2000 ਰੁਪਏ ਤੱਕ ਜੁਰਮਾਨਾ ਜਾਂ ਦੋਵੇਂ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਦਸਤਾਵੇਜ਼ ਜਾਂ ਚੋਣ ਪ੍ਰਚਾਰ ਸਮੱਗਰੀ ਜਿਸ ਵਿੱਚ ਕੋਈ ਇਤਰਾਜ਼ਯੋਗ ਜਿਵੇਂ ਧਰਮ, ਨਸਲ, ਜਾਤੀ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ’ਤੇ ਅਪੀਲ ਕੀਤੀ ਗਈ ਹੈ ਜਾਂ ਕਿਸੇ ਵਿਰੋਧੀ ਦੇ ਚਰਿੱਤਰ ਸਬੰਧੀ ਇਤਰਾਜ਼ਯੋਗ ਸ਼ਬਦਾਵਲੀ ਮਿਲਦੀ ਹੈ ਤਾਂ ਸਬੰਧਤ ਵਿਅਕਤੀ ਦੇ ਖਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਾਰਾ 127-ਏ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨਾ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਪ੍ਰਿੰਟਰ ਵੱਲੋਂ ਪ੍ਰਕਾਸ਼ਕ ਤੋਂ ਹਸਤਾਖਰ ਕੀਤੀ ਸਵੈ-ਘੋਸ਼ਣਾ ਜਿਸ ਨੂੰ ਦੋ ਵਿਅਕਤੀਆਂ ਵੱਲੋਂ ਤਸਦੀਕ ਕੀਤਾ ਗਿਆ ਹੋਵੇ (ਜਿਨ੍ਹਾਂ ਨੂੰ ਪ੍ਰਕਾਸ਼ਕ ਜਾਣਦਾ ਹੈ) ਹਾਸਲ ਕੀਤੀ ਜਾਵੇਗੀ। ਪ੍ਰਿੰਟਰ ਵਲੋਂ ਇਹ ਸਵੈ ਘੋਸ਼ਣਾ ਸਮੇਤ ਛਾਪੀ ਗਈ ਚੋਣ ਪ੍ਰਚਾਰ ਸਮੱਗਰੀ ਦੀ ਗਿਣਤੀ ਅਤੇ ਇਸ ’ਤੇ ਆਉਣ ਵਾਲੇ ਖ਼ਰਚੇ ਸਬੰਧੀ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਭਰ ਕੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਮੁਹੱਈਆ ਕਰਵਾਈ ਜਾਵੇਗੀ। ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗ਼ੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਰਾਜਨੀਤਕ ਪਾਰਟੀਆਂ, ਉਮੀਦਵਾਰਾਂ ਅਤੇ ਹੋਰਨਾਂ ਨੂੰ ਸੁਚੇਤ ਕੀਤਾ ਕਿ ਜੇਕਰ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਮਿਲਦੀ ਹੈ ਤਾਂ ਸਬੰਧਤ ਧਿਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।