ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਫਰਵਰੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ 6 ਮਾਰਚ 2024 ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਚੋਣ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਚੋਣਾਂ ਸਬੰਧੀ ਜਾਰੀ ਕੀਤਾ ਪ੍ਰੋਗਰਾਮ ਵਾਪਸ ਲੈ ਲਿਆ ਹੈ। ਚੋਣ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਅੱਜ ਦੇਰ ਸ਼ਾਮ ਪੱਤਰ ਜਾਰੀ ਕਰ ਦਿੱਤਾ ਹੈ। ਜਸਟਿਸ ਐੱਚਐੱਸ ਭੱਲਾ ਨੇ ਕਿਹਾ ਕਿ ਲੰਘੇ ਦਿਨ ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਨੇ ਪੱਤਰ ਲਿੱਖ ਕੇ ਚੋਣਾਂ ਦੋਰੀ ਨਾਲ ਕਰਵਾਉਣ ਦੀ ਅਪੀਲ ਕੀਤੀ ਸੀ। ਇਸ ਪੱਤਰ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਹਵਾਲਾ ਦਿੱਤਾ ਕਿ ਹਰਿਆਣਾ ਵਿੱਚ ਸੀਬੀਐੱਸਸੀ ਦੀ 10ਵੀਂ ਤੇ 12ਵੀਂ ਜਮਾਦ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 2 ਅਪਰੈਲ 2024 ਤੱਕ ਚੱਲਣਗੀਆਂ ਜਦਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆ 27 ਫਰਵਰੀ ਤੋਂ 2 ਅਪਰੈਲ ਤੱਕ ਚੱਲਣਗੀਆਂ। ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਬੋਰਡ ਪ੍ਰੀਖਿਆਵਾਂ ਦੇ ਨਾਲ ਹੀ ਪੈਣੀਆਂ ਹਨ। ਇਸ ਲਈ ਚੋਣਾਂ ਦਾ ਸ਼ਡੀਉਲ ਵਾਪਸ ਲਿਆ ਜਾਵੇ। ਜਸਟਿਸ ਐੱਚਐੱਸ ਭੱਲਾ ਕਿਹਾ ਕਿ ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀ ਦੀ ਅਪੀਲ ਨੂੰ ਮੰਨਦੇ ਹੋਏ ਚੋਣਾਂ ਦਾ ਪ੍ਰੋਗਰਾਮ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਨਵਾਂ ਪ੍ਰੋਗਰਾਮ ਜਲਦ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 6 ਮਾਰਚ 2024 ਨੂੰ ਹੋਣੀਆਂ ਸਨ।