ਚੋਣਾਂ: ਦੀਵੇ ਜਗਾ ਕੇ ‘ਵੋਟ ਕਰ ਅੰਮ੍ਰਿਤਸਰ’ ਦਾ ਸੁਨੇਹਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਮਈ
ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਜਿਲਾ ਪ੍ਰਸ਼ਾਸਨ ਵਲੋਂ ਸਥਾਨਕ ਕੰਪਨੀ ਬਾਗ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਦੀਵਿਆਂ ਦੀ ਰੌਸ਼ਨੀ ਨਾਲ ‘ਵੋਟ ਕਰ ਅੰਮ੍ਰਿਤਸਰ’ ਦਾ ਨਾਅਰਾ ਦਿੱਤਾ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਵੋਟਰ ਜਾਗਰੂਕਤਾ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਅਗਾਮੀ ਲੋਕਸਭਾ ਚੋਣਾਂ ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਦੀਵਿਆਂ ਦੀ ਰੌਸ਼ਨੀ ਨਾਲ ‘ਵੋਟ ਕਰ ਅੰਮ੍ਰਿਤਸਰ’ ਸਲੋਗਨ ਬਣਾਉਣਾ ਵੀ ਇਸੇ ਮੁਹਿੰਮ ਦਾ ਇੱਕ ਹਿੱਸਾ ਹੈ। ਉਹਨਾਂ ਕਿਹਾ ਕਿ ਇਹ ਸਰਗਰਮ ਜ਼ਿਲ੍ਹਾ ਪੱਧਰੀ ਰੰਗੋਲੀ ਟੀਮ ਮੈਂਬਰਾਂ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਲਈ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਸਾਰੇ ਲੋੜ੍ਹੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ 70 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਆਸ ਹੈ ਕਿ ਅੰਮ੍ਰਿਤਸਰ ਦੇ ਜਾਗਰੂਕ ਵੋਟਰਾਂ ਦੀ ਸਹਾਇਤਾ ਨਾਲ ਇਹ ਟੀਚਾ ਜ਼ਰੂਰ ਹਾਸਿਲ ਕੀਤਾ ਜਾਵੇਗਾ।