ਪਾਵਰਕੌਮ ਵੱਲੋਂ ‘ਪ੍ਰਭ ਆਸਰਾ’ ਦਾ ਬਿਜਲੀ ਦਾ ਕੁਨੈਕਸ਼ਨ ਬਹਾਲ
ਮਿਹਰ ਸਿੰਘ
ਕੁਰਾਲੀ, 3 ਸਤੰਬਰ
ਪਿੰਡ ਪਡਿਆਲਾ ਦੀ ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਦਾ ਬਿਜਲੀ ਦਾ ਕੁਨੈਕਸ਼ਨ ਕੱਟੇ ਜਾਣ ਖ਼ਿਲਾਫ਼ ਕੀਤੇ ਸੰਘਰਸ਼ ਦੇ ਐਲਾਨ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਪਾਵਰਕੌਮ ਨੇ ਸੰਸਥਾ ਦਾ ਬਿਜਲੀ ਦਾ ਕੁਨੈਕਸ਼ਨ ਮੁੜ ਬਹਾਲ ਕਰ ਦਿੱਤਾ ਹੈ। ਸੰਸਥਾ ‘ਪ੍ਰਭ ਆਸਰਾ’ ਦਾ ਬਿਜਲੀ ਦਾ ਬਿਲ ਅਦਾ ਨਾ ਕੀਤੇ ਜਾਣ ਕਾਰਨ ਪਾਵਰਕੌਮ ਵੱਲੋਂ ਕੁਝ ਹਫ਼ਤੇ ਪਹਿਲਾਂ ਵੀ ਸੰਸਥਾ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ। ਇਸ ਖ਼ਿਲਾਫ਼ ਇਲਾਕੇ ਦੀਆਂ ਸਮਾਜ ਸੇਵੀ ਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਨ ਸਭਾ ਅੱਗੇ ਪ੍ਰਦਰਸ਼ਨ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਪ੍ਰਸ਼ਾਸ਼ਨ ਵਲੋਂ ਸੰਸਥਾ ਦੇ ਪ੍ਰਬੰਧਕਾਂ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਗਈ। ਅਧਿਕਾਰੀਆਂ ਵਲੋਂ ਮਸਲੇ ਨੂੰ ਹੱਲ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ ਹੈ।
ਸੰਸਥਾ ਦੇ ਮੁੱਖ ਸੇਵਾਦਾਰ ਸ਼ਮਸ਼ੇਰ ਸਿੰਘ ਪਡਿਆਲਾ, ਕਿਸਾਨ ਆਗੂ ਰੇਸ਼ਮ ਸਿੰਘ ਬਡਾਲੀ ਆਦਿ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਵਿਧਾਨ ਸਭਾ ਅੱਗੇ ਪ੍ਰਦਰਸ਼ਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।