ਬਿਜਲੀ-ਪਾਣੀ ਦੀ ਸਮੱਸਿਆ: ਚੱਕੜ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ
ਐੱਨਪੀ ਧਵਨ
ਪਠਾਨਕੋਟ, 18 ਜੁਲਾਈ
ਪਿੰਡ ਚੱਕੜ ਦੇ ਲੋਕਾਂ ਨੇ ਪਿੰਡ ਵਿੱਚ ਬਿਜਲੀ, ਪਾਣੀ, ਸੜਕ ਦੀ ਸਮੱਸਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਪੁਸ਼ਕਰ ਸ਼ਰਮਾ, ਸਾਬਕਾ ਪੰਚ ਤਿਲਕ ਰਾਜ, ਨੰਬਰਦਾਰ ਬਲਸ਼ੇਰ ਸਿੰਘ, ਪੰਚਾਇਤ ਮੈਂਬਰ ਸੁਰਾਲ ਸੋਨੂ ਪਠਾਨੀਆ, ਪੰਚਾਇਤ ਮੈਂਬਰ ਦਰਸ਼ਨਾ ਦੇਵੀ, ਸੌਰਵ ਪਠਾਨੀਆ, ਵਿਜੇ ਮਹਿਰਾ ਤੇ ਰਘਬੀਰ ਸਿੰਘ ਆਦਿ ਸ਼ਾਮਲ ਸਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਬਿਜਲੀ ਸਪਲਾਈ ਦਾ ਮਾੜਾ ਹਾਲ ਹੈ। ਪੀਣ ਵਾਲੇ ਪਾਣੀ ਤੇ ਨਿਕਾਸੀ ਪ੍ਰਬੰਧ ਦਰੁਸਤ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਤੋਂ ਸੜਕ ਵੀ ਥਾਂ ਥਾਂ ਤੋਂ ਟੁੱਟੀ ਹੋਈ ਹੈ। ਇਸ ਰੋਸ ਪ੍ਰਦਰਸ਼ਨ ਕਰਨ ਦਾ ਮੁੱਖ ਉਦੇਸ਼ ਜ਼ਿਲ੍ਹਾ ਪ੍ਰਸ਼ਾਸਨ ਤੱਕ ਆਪਣੀਆਂ ਸਮੱਸਿਆਵਾਂ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਕਈ ਵਾਰ ਮੌਜੂਦਾ ਸਰਕਾਰ ਦੇ ਆਗੂਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵੀ ਦੱਸਿਆ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਪਿੰਡ ਸ਼ਹੀਦ ਅਕਸ਼ੇ ਪਠਾਨੀਆ ਦਾ ਜੱਦੀ ਪਿੰਡ ਹੈ ਜਿਨ੍ਹਾਂ ਦੇਸ਼ ਲਈ ਆਪਣਾ ਬਲੀਦਾਨ ਦਿੱਤਾ ਸੀ। ਸਰਕਾਰ ਨੂੰ ਇਸ ਪਿੰਡ ਦੇ ਲੋਕਾਂ ਨੂੰ ਬਣਦੀਆਂ ਸੁਵਿਧਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਪਿੰਡ ਵਾਸੀਆਂ ਨੂੰ ਲੈ ਕੇ ਪਠਾਨਕੋਟ-ਕੁੱਲੂ ਨੈਸ਼ਨਲ ਹਾਈਵੇਅ ’ਤੇ ਜਾਮ ਲਗਾ ਕੇ ਪ੍ਰਦਰਸ਼ਨ ਕਰਨਗੇ। ਇਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਫੰਡ ਮਿਲਦੇ ਸਾਰ ਸੜਕ ਦਾ ਕੰਮ ਸ਼ੁਰੂ ਕਰਵਾ ਦੇਵਾਂਗੇ: ਐੱਸਡੀਓ
ਮੰਡੀ ਬੋਰਡ ਦੇ ਖੇਤਰੀ ਐੱਸਡੀਓ ਕੁਲਵੰਤ ਸਿੰਘ ਨੇ ਕਿਹਾ ਕਿ ਸੜਕ ਦੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਹੈ। ਸੜਕ ਦਾ ਐਸਟੀਮੇਟ ਬਣਾ ਕੇ ਭੇਜਿਆ ਹੋਇਆ ਹੈ, ਮਨਜ਼ੂਰੀ ਅਤੇ ਫੰਡ ਮਿਲਦੇ ਸਾਰ ਹੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਪਾਣੀ ਦੀ ਕਿੱਲਤ: ਔਰਤਾਂ ਨੇ ਮੁੱਖ ਸੜਕ ’ਤੇ ਲਾਇਆ ਜਾਮ
ਜਲੰਧਰ (ਪੱਤਰ ਪ੍ਰੇਰਕ): ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਪੰਜਪੀਰ ਕਲੋਨੀ ਵਾਸੀਆਂ ਨੇ ਜਲੰਧਰ-ਕਪੂਰਥਲਾ ਮੁੱਖ ਮਾਰਗ ’ਤੇ ਜਾਮ ਲਾ ਕੇ ਨਿਗਮ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੀਆਂ ਹਨ, ਉਨ੍ਹਾਂ ਨੇ ਨਿਗਮ ਅਧਿਕਾਰੀਆਂ ਤੋਂ ਲੈ ਕੇ ਸਿਆਸਤਦਾਨਾਂ ਤੱਕ ਸਾਰਿਆਂ ਨੂੰ ਕਈ ਵਾਰ ਆਪਣੀ ਸਮੱਸਿਆ ਤੋਂ ਜਾਣੂ ਕਰਵਾਇਆ ਪਰ ਕੋਈ ਹੱਲ ਨਹੀਂ ਹੋ ਰਿਹਾ। ਇਸ ਕਾਰਨ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਈਆਂ। ਹਾਲਾਤ ਇਹ ਹਨ ਕਿ ਆਸ-ਪਾਸ ਦੇ ਇਲਾਕਿਆਂ ਵਿੱਚੋਂ ਪਾਣੀ ਭਰਨ ਕਾਰਨ ਉਨ੍ਹਾਂ ਦੇ ਬੱਚੇ ਬਿਮਾਰ ਹੋ ਗਏ ਹਨ, ਜੇਕਰ ਅੱਜ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਰਸਤਾ ਨਹੀਂ ਖੋਲ੍ਹਿਆ ਜਾਵੇਗਾ। ਦੂਜੇ ਪਾਸੇ ਮੁੱਖ ਮਾਰਗ ਬੰਦ ਹੋਣ ਕਾਰਨ ਇਲਾਕੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਪ੍ਰਦਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਪਹਿਲ ਦੇ ਆਧਾਰ ’ਤੇ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਜਾਮ ਖੋਲ੍ਹਿਆ। ਪਰ ਫਿਰ ਵੀ ਆਵਾਜਾਈ ਨੂੰ ਠੀਕ ਢੰਗ ਨਾਲ ਬਹਾਲ ਕਰਨ ਵਿਚ ਇੱਕ ਘੰਟੇ ਤੋਂ ਵੱਧ ਸਮਾਂ ਲੱਗ ਗਿਆ।