ਵਿਭਾਗ ਦੇ ਨਿੱਜੀਕਰਨ ਖਿਲਾਫ਼ ਨਿੱਤਰੇ ਬਿਜਲੀ ਕਾਮੇ
ਪੱਤਰ ਪ੍ਰੇਰਕ
ਚੰਡੀਗੜ੍ਹ, 30 ਦਸੰਬਰ
ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਅਤੇ ਹਿੱਸੇਦਾਰੀ ਤੈਅ ਕੀਤੇ ਬਗੈਰ ਹੀ ਵਿਭਾਗ ਨੂੰ ਨਿੱਜੀ ਕੰਪਨੀ ਕੋਲ ਸੌਂਪਣ ਵਿਰੁੱਧ ਬਿਜਲੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਰਿਹਾ ਅਤੇ ਦੁਪਹਿਰ ਦੇ ਖਾਣੇ ਦੀ ਛੁੱਟੀ ਦੌਰਾਨ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ। ਵੱਖ-ਵੱਖ ਥਾਈਂ ਰੋਸ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਉਪ ਪ੍ਰਧਾਨ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਸਵਰਨ ਸਿੰਘ, ਵਿਨੈ ਪ੍ਰਸਾਦ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਤੈਅ ਕੀਤੇ ਬਿਨਾਂ ਹੀ ਇਹ ਨਿਜੀਕਰਨ ਦਾ ਫ਼ੈਸਲਾ ਲਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵਿਭਾਗ ਨੂੰ ਸੌਂਪਣ ਤੋਂ ਬਾਅਦ ਪਾਲਿਸੀ ਬਣਾਉਣ ਦੀ ਗੱਲ ਕਰ ਰਿਹਾ ਹੈ ਅਤੇ ਇਹ ਗਲਤ ਧਾਰਨਾ ਪੈਦਾ ਕਰ ਰਿਹਾ ਹੈ ਕਿ ਹੈਂਡਓਵਰ ਤੋਂ ਬਾਅਦ ਹੀ ਤਬਾਦਲਾ ਨੀਤੀ ਬਣਾ ਦਿੱਤੀ ਜਾਵੇਗੀ। ਅਧਿਕਾਰੀ ਯੂਨੀਅਨ ਨਾਲ ਸਿੱਧੀ ਅਤੇ ਸਪੱਸ਼ਟ ਗੱਲ ਕਰਨ ਦੀ ਬਜਾਇ ਕੰਪਨੀ ਨੂੰ ਸੌਂਪਣ ਤੋਂ ਪਹਿਲਾਂ ਹੀ ਟਾਲ-ਮਟੋਲ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਮੁਲਾਜ਼ਮਾਂ ਦੇ ਮਸਲਿਆਂ ’ਤੇ ਤੁਰੰਤ ਸਪੱਸ਼ਟ ਫੈਸਲੇ ਲਵੇ। ਪ੍ਰਸ਼ਾਸਨ ਦੀਆਂ ਭੜਕਾਊ ਕਾਰਵਾਈਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਗਵਰਨਰ ਹਾਊਸ ਤੱਕ ਰੋਸ ਮਾਰਚ ਅੱਜ
ਯੂਨੀਅਨ ਆਗੂਆਂ ਨੇ ਨਿੱਜੀਕਰਨ ਨੂੰ ਮੁਕੰਮਲ ਤੌਰ ’ਤੇ ਰੱਦ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ 31 ਦਸੰਬਰ ਨੂੰ ਸ਼ਾਮ 5 ਵਜੇ ਸੈਕਟਰ-18 ਦੇ ਬਿਜਲੀ ਦਫ਼ਤਰ ਨੇੜੇ ਰੈਲੀ ਕੀਤੀ ਜਾਵੇਗੀ ਅਤੇ ਗਵਰਨਰ ਹਾਊਸ ਤੱਕ ਰੋਸ ਮਾਰਚ ਕਰਕੇ ਸਮੂਹਿਕ ਮੰਗ ਪੱਤਰ ਸੌਂਪਿਆ ਜਾਵੇਗਾ।