ਪਰਾਲੀ ਸਾੜਨ ਖ਼ਿਲਾਫ਼ ਡਿਊਟੀਆਂ ਤੋਂ ਬਿਜਲੀ ਮੁਲਾਜ਼ਮ ਖਫ਼ਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਨਵੰਬਰ
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈਆਂ ਡਿਊਟੀਆਂ ਤੋਂ ਖਫ਼ਾ ਸਰਕਲ ਸੰਗਰੂਰ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਕੰਮਕਾਜ ਠੱਪ ਕਰਕੇ ਬੱਸ ਸਟੈਂਡ ਦੇ ਨਜ਼ਦੀਕ ਲਾਲ ਬੱਤੀ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਡਿਊਟੀਆਂ ਤੁਰੰਤ ਰੱਦ ਕਰਨ ਅਤੇ ਮੁਲਾਜ਼ਮਾਂ ਵਿਰੁੱਧ ਕੀਤੀ ਅਨੁਸਾਸ਼ਨੀ ਕਾਰਵਾਈ/ਐੱਫਆਈਆਰ ਰੱਦ ਕਰਨ ਦੀ ਮੰਗ ਕੀਤੀ। ਬਿਜਲੀ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਡਿਊਟੀਆਂ ਰੱਦ ਨਾ ਕੀਤੀਆਂ ਗਈਆਂ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਪੀਐੱਸਈਬੀ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜਨੀਅਰ ਸਰਕਲ ਸੰਗਰੂਰ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਸਮੁੱਚੇ ਸਰਕਲ ਦਾ ਕੰਮਕਾਜ ਠੱਪ ਕਰਕੇ ਸਾਥੀ ਲਖਵਿੰਦਰ ਸਿੰਘ, ਕ੍ਰਿਸ਼ਨ ਕਾਂਤ ਅਤੇ ਹਰਦੀਪ ਸਿੰਘ ਸਰਾਓ ਦੀ ਅਗਵਾਈ ਹੇਠ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਸ਼ਹਿਰ ਦੇ ਲਾਲ ਬੱਤੀ ਚੌਕ ਪੁੱਜੇ, ਜਿਥੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਕੁਲਵਿੰਦਰ ਸਿੰਘ ਢਿੱਲੋਂ ਅਤੇ ਦਵਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਵਰਕੌਮ ਦੇ ਮੁਲਾਜ਼ਮਾਂ ਦੀਆਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਲਗਾਤਾਰ ਮੁਲਾਜ਼ਮਾਂ ਉਪਰ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪਹਿਲਾਂ ਹੀ ਕੰਮ ਦੇ ਬੋਝ ਹੇਠ ਮਾਨਸ਼ਿਕ ਪ੍ਰੇਸ਼ਾਨੀ ਵਿਚ ਕੰਮ ਕਰ ਰਹੇ ਹਨ ਜਦੋਂ ਕਿ ਉਪਰੋਂ ਪੁਲੀਸ ਪ੍ਰਸ਼ਾਸਨ ਵਲੋਂ ਸਖਤ ਫੋਨ ਕੀਤੇ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਦੋ ਦਿਨਾਂ ਦੇ ਅੰਦਰ ਅੰਦਰ ਬਿਜਲੀ ਮੁਲਾਜ਼ਮਾਂ ਦੀਆਂ ਡਿਊਟੀਆਂ ਰੱਦ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਵਿਰੁੱਧ ਕੀਤੀ ਅਨੁਸਾਸ਼ਨੀ ਕਾਰਵਾਈ/ਐੱਫਆਈਆਰ ਰੱਦ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸੰਘਰਸ਼ ਦੌਰਾਨ ਸੰਗਰੂਰ ਸਰਕਲ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਲਈ ਪ੍ਰਸ਼ਾਨ ਜ਼ਿੰਮੇਵਾਰ ਹੋਵੇਗਾ। ਇਸ ਦੌਰਾਨ ਡਿਊਟੀ ਮੈਜਿਸਟ੍ਰੇਟ ਵਲੋਂ ਧਰਨੇ ’ਚ ਆ ਕੇ ਮੰਗ ਪੱਤਰ ਹਾਸਿਲ ਕੀਤਾ ਗਿਆ। ਇਸ ਮੌਕੇ ਯੂਨੀਅਨਾਂ ਦੇ ਆਗੂਆਂ ’ਚ ਬਿਕਰਮਜੀਤ ਸਿੰਘ, ਗੁਰਬਖਸ਼ੀਸ਼ ਸਿੰਘ, ਨਵੀਨ ਕੁਮਾਰ ਮੌਜੂਦ ਸਨ।