ਪੰਥ ਦੀ ‘ਤੱਕੜੀ’ ਵਿੱਚ ‘ਹਾਥੀ’ ਨਹੀਂ ਤੋਲਿਆ ਜਾ ਸਕਦਾ: ਜਗੀਰ ਕੌਰ
ਜਲੰਧਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਹੱਕ ਵਿੱਚ ਘਰ-ਘਰ ਪ੍ਰਚਾਰ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਗਿਣਤੀ ਲੋਕਾਂ ਦਾ ਮਿਲ ਰਿਹਾ ਸਮਰਥਨ ਇਸ ਗੱਲ ਵੱਲ ਇਸ਼ਾਰਾ ਕਰ ਰਿਹਾ ਹੈ ਕਿ ਲੋਕ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਹੁੰਦਾ ਦੇਖਣਾ ਚਾਹੁੰਦੇ ਹਨ। ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ ਰਾਜਪਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ ਤੇ ਇਹ ਕਦੇ ਵੀ ਗੈਰ-ਸਿਧਾਂਤਕ ਰਾਹ ’ਤੇ ਨਹੀਂ ਚੱਲ ਸਕਦੀ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਬਸਪਾ ਨੂੰ ਵੋਟਾਂ ਪਾਉਣ ਦੀਆਂ ਦਿੱਤੀਆਂ ਜਾ ਰਹੀਆਂ ਦਲੀਲਾਂ ’ਤੇ ਟਿੱਪਣੀ ਕਰਦਿਆਂ ਕਿਹਾ,‘ਪੰਥ ਦੀ ਤੱਕੜੀ ਵਿੱਚ ਹਾਥੀ ਨਹੀਂ ਤੋਲਿਆ ਜਾ ਸਕਦਾ।’ ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਸਿੱਖ ਨੌਜਵਾਨ ਡੱਟ ਕੇ ਪ੍ਰਚਾਰ ਕਰ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ