ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣ ’ਤੇ ਜ਼ੋਰ
ਪੱਤਰ ਪ੍ਰੇਰਕ
ਰੂਪਨਗਰ, 17 ਫਰਵਰੀ
ਜ਼ਿਲ੍ਹਾ ਰੂਪਨਗਰ ਦੇ ਖਾਲਸਾ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਹੋਈ। ਇਸ ਮੀਟਿੰਗ ਦੌਰਾਨ ਦੀ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਉੱਚੇਚੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸਕੂਲਾਂ ਦਾ ਪ੍ਰਬੰਧ ਚਲਾਉਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਉਨ੍ਹਾਂ ਦੇ ਹੱਲ ਤੋਂ ਇਲਾਵਾ ਸਕੂਲਾਂ ਦੇ ਪ੍ਰਬੰਧ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਚਰਚਾ ਕੀਤੀ ਤੇ ਸਕੂਲ ਮੁਖੀਆਂ ਦੇ ਸੁਝਾਅ ਪ੍ਰਾਪਤ ਕੀਤੇ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਧਾਰਮਿਕ ਸਿੱਖਿਆ ਅਤੇ ਸਰਵਪੱਖੀ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤੇ ਵਿਦਿਆਰਥੀਆਂ ਨੂੰ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅੱਜ ਦੀ ਪੀੜ੍ਹੀ ਲਈ ਨੈਤਿਕ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸ੍ਰੀ ਕੰਧੋਲਾ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਖਾਲਸਾ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਕਰਕੇ ਵਿਦਿਆਰਥੀ ਹਰ ਖੇਤਰ ਵਿੱਚ ਚੰਗੇ ਮੁਕਾਮ ਪ੍ਰਾਪਤ ਕਰਦੇ ਸਨ, ਉਸੇ ਹੀ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਅਜੋਕੇ ਵਿਦਿਆਰਥੀਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਵਧੀਆ ਨਾਗਰਿਕ ਬਣਾਇਆ ਜਾਵੇ।