ਮੁਹਾਲੀ ਦੀਆਂ ਸੜਕਾਂ ’ਤੇ ਸੁਰੱਖਿਅਤ ਆਵਾਜਾਈ ’ਤੇ ਜ਼ੋਰ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 27 ਨਵੰਬਰ
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਅਤੇ ਟਰੈਫਿਕ ਜਾਮ ਤੋਂ ਨਿਜਾਤ ਪਾਉਣ ਲਈ ਸੜਕ ਸੁਰੱਖਿਆ ਕਮੇਟੀ ਦੀ ਵਿਸ਼ੇਸ਼ ਮੀਟਿੰਗ ਦਸੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ।
ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਆਸ਼ਿਕਾ ਜੈਨ ਨੇ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਗਾਮੀ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਗੋਲ ਚੌਕਾਂ ਦੀ ਉਸਾਰੀ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਸੜਕ ਉਸਾਰੀ ਨੂੰ ਰਿਫਲੈਕਟਰ ਜਾਂ ਹੋਰ ਮਾਧਿਅਮਾਂ ਨਾਲ ਹਾਈਲਾਈਟ ਕੀਤਾ ਜਾਵੇ। ਇਸ ਤੋਂ ਇਲਾਵਾ ਬਲੈਕ ਸਪਾਟਸ ਨੂੰ ਵੀ ਜਲਦੀ ਠੀਕ ਕੀਤਾ ਜਾਵੇ। ਟਰੈਫਿਕ ਪੁਲੀਸ ਵੱਲੋਂ ਸੜਕਾਂ ਨੂੰ ਝਾੜੀਆਂ ਮੁਕਤ ਕਰਨ ਅਤੇ ਸਾਈਨ ਬੋਰਡਾਂ ਨੂੰ ਪ੍ਰਤੱਖ ਰੂਪ ਦੇਣ ਲਈ ਤਿਆਰ ਕੀਤੀ ਗਈ ਰਿਪੋਰਟ ਦਾ ਜਾਇਜ਼ਾ ਲੈਂਦਿਆਂ ਡੀਸੀ ਨੇ ਗਮਾਡਾ, ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਅਗਲੇ ਦੋ ਹਫ਼ਤਿਆਂ ਤੱਕ ਇਸ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਸਿਧਾਂਤਕ ਰੂਪ ਵਿੱਚ ਲਾਗੂ ਕਰਨ ਅਤੇ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ।