ਸਰਪੰਚ ਅਤੇ ਪੰਚ ਵਿਕਾਸ ਕਾਰਜਾਂ ’ਤੇ ਜ਼ੋਰ ਦੇਣ: ਮੀਤ ਹੇਅਰ
ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 3 ਦਸੰਬਰ
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਲੋਕਾਂ ਦੀ ਸੇਵਾ ਤੇ ਪਿੰਡਾਂ ਦੀ ਤਰੱਕੀ ਨੂੰ ਤਰਜੀਹ ਦੇਣ ਅਤੇ ਪਿੰਡਾਂ ਵਿਚੋਂ ਧੜੇਬੰਦੀ ਖ਼ਤਮ ਕੀਤੀ ਜਾਵੇ। ਉਨ੍ਹਾਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਸਹੁੰ ਚੁਕਾਈ। ਉਨ੍ਹਾਂ ਪਿੰਡਾਂ ਦੀ ਤਰੱਕੀ ਦਾ ਮੁੱਢ ਸਾਫ-ਸਫ਼ਾਈ ਤੋਂ ਬੰਨ੍ਹਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਪਿੰਡਾਂ ਲਈ ਕਰੋੜਾਂ ਦੇ ਫੰਡ ਮੁਹੱਈਆ ਕਰਾਏ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ ਨਹਿਰੀ ਪਾਇਪਲਾਈਨ ਪਾਉਣ ਦੀ ਸ਼ੁਰੂਆਤ ਕੀਤੀ ਗਈ ਤੇ 300 ਕਰੋੜ ਰੁਪਏ ਪਹਿਲੇ ਢਾਈ ਸਾਲ ਵਿੱਚ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ 18 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਅਗਲੀ ਵਾਰ ਇਸ ਤੋਂ ਵੀ ਵੱਧ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ।
ਡੀਸੀ ਪੂਨਮਦੀਪ ਕੌਰ ਵਲੋਂ ਮੁੱਖ ਮਹਿਮਾਨ ਅਤੇ ਸਰਪੰਚਾਂ ਅਤੇ ਪੰਚਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਸਰਪੰਚਾਂ ਅਤੇ ਪੰਚਾਂ ਲਈ ਸਿਖਲਾਈ ਪ੍ਰੋਗਰਾਮ ਕਰਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੁੱਖ ਮਹਿਮਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਮਾਗਮ ’ਚ ਸ਼ਾਮਲ ਹਸਤੀਆਂ ਨੂੰ ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ’ਮੇਰਾ ਪਿੰਡ’ ਭੇਟ ਕੀਤੀ ਗਈ।