ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਦੀ ਅਰਥੀ ਫੂਕੀ
ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 5 ਅਗਸਤ
ਇੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਸਾਂਝੇ ਫਰੰਟ ਨੇ ਅੱਜ ਮੰਗਾਂ ਸਬੰਧੀ ਗੌਰਮਿੰਟ ਪੈਨਸ਼ਨਰ ਐਸੋਸ਼ੀਏਸ਼ਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਸਮਾਂ ਦੇ ਕੇ ਮੰਗਾਂ ਹੱਲ ਨਾ ਕਰਨ ਦੀ ਨਿਖੇਧੀ ਕਰਦਿਆਂ ਸਰਕਾਰ ਦੀ ਅਰਥੀ ਫੂਕੀ।
ਇਸ ਮੌਕੇ ਪਵਨ ਕੁਮਾਰ ਕੌਸ਼ਲ ਅਤੇ ਰਣਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਲਾਗੂ ਕਰਨ ਦਾ ਭਰੋਸਾ ਦਿਵਾਇਆ ਸੀ ਪ੍ਰਤੂੰ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ। ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਾ ਲਾਊ ਨੀਤੀ ਅਪਣਾ ਕੇ ਡੰਗ ਟਪਾ ਰਹੀ ਹੈ। ਸਰਕਾਰ ਮਿਡ-ਡੇਅ ਮੀਲ ਕੁੱਕ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਭੱਤੇ ਦੁੱਗਣੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਪਿੱਛੇ ਹੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉੱਚ ਅਧਿਕਾਰੀ ਮੰਗਾਂ ਦੇ ਹੱਲ ਲਈ ਵਾਰ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਸ ਮੌਕੇ ਕਮਲਜੀਤ ਸਿੰਘ ਅਤੇ ਕਰਮ ਸਿੰਘ ਜਟਾਣਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀਂ ਮੰਗਾਂ ਦਾ ਹੱਲ ਨਹੀਂ ਹੁੰਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।