‘ਆਪ’ ਸਰਕਾਰ ਖ਼ਿਲਾਫ਼ ਡਟੇ ਮੁਲਾਜ਼ਮ ਤੇ ਪੈਨਸ਼ਨਰਜ਼
ਪ੍ਰਸ਼ੋਤਮ ਬੱਲੀ
ਬਰਨਾਲਾ, 18 ਅਗਸਤ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿੱਚ ਰੈਲੀ ਕਰਨ ਉਪਰੰਤ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪੁੱਜੇ ਵੱਡੀ ਗਿਣਤੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਭਜਨ ਸਿੰਘ ਗਿੱਲ, ਰਣਜੀਤ ਸਿੰਘ ਰਾਣਵਾਂ, ਡਾ. ਐੱਨ. ਕੇ. ਕਲਸੀ, ਗਗਨਦੀਪ ਭੁੱਲਰ ਬਠਿੰਡਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਦੀਪ ਟੋਡਰਪੁਰ, ਸੁਖਵਿੰਦਰ ਸਿੰਘ ਚਾਹਲ, ਬਲਦੇਵ ਸਿੰਘ ਮੰਢਾਲੀ, ਅਵਿਨਾਸ਼ ਚੰਦਰ ਸ਼ਰਮਾ, ਅਮਰੀਕ ਸਿੰਘ ਮਸੀਤਾਂ, ਕਸ਼ਮੀਰ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਛੇਵੇਂ ਤਨਖਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਸਕੇਲ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੁਮਰਾਹ ਕੀਤਾ ਗਿਆ ਹੈ। ਸੁਬੇਗ ਸਿੰਘ ਫਿਰੋਜ਼ਪੁਰ, ਮਹਿਮਾ ਸਿੰਘ ਧਨੌਲਾ, ਨਿਰਮਲ ਸਿੰਘ ਪੱਖੋਂ, ਸਿਕੰਦਰ ਸਿੰਘ, ਦਰਸ਼ਨ ਕੁਮਾਰ ਚੀਮਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਟਿੰਗ ਦਾ ਸਮਾਂ ਦੇ ਕੇ ਮੁੱਕਰਨ ਦਾ ਰਿਕਾਰਡ ਕਾਇਮ ਕਰ ਚੁੱਕੇ ਹਨ, ਇਸ ਲਈ ਹੁਣ ਸਰਕਾਰ ਵੱਲੋਂ ਦਿੱਤੀਆਂ ਮੀਟਿੰਗਾਂ ’ਤੇ ਭਰੋਸਾ ਨਾ ਕਰਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।