ਡੀਪੀਆਈ ਦਫ਼ਤਰ ਘੇਰਨਗੇ ਏਡਿਡ ਸਕੂਲਾਂ ਦੇ ਮੁਲਾਜ਼ਮ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 12 ਨਵੰਬਰ
ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਕਰਮਚਾਰੀ ਯੂਨੀਅਨ ਨੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਸਕੂਲ ਐਜੂਕੇਸ਼ਨ (ਡੀਪੀਆਈ) ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਸਿੱਖਿਆ ਭਵਨ ਦੇ ਬਾਹਰ ਬੇਰੁਜ਼ਗਾਰ ਈਟੀਟੀ ਅਧਿਆਪਕ ਲੜੀਵਾਰ ਧਰਨੇ ’ਤੇ ਬੈਠੇ ਹੋਏ ਹਨ।
ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਦੱਸਿਆ ਕਿ ਏਡਿਡ ਸਕੂਲਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਕਰਕੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਧਰਨਾ ਦੇਣਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਨੋਟਿਸ ਭੇਜ ਕੇ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ, ਜੇ ਇਸ ਦੌਰਾਨ ਏਡਿਡ ਸਕੂਲਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 19 ਨਵੰਬਰ ਨੂੰ ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸੀਐਂਡਵੀ ਕਾਡਰ ਦੇ ਪੀਟੀਆਈ ਅਤੇ ਡਰਾਇੰਗ ਅਧਿਆਪਕ ਦੀਆਂ ਮਾਰਚ 2024 ਤੋਂ ਲਟਕੀ ਗਰਾਂਟ ਤੁਰੰਤ ਜਾਰੀ ਕੀਤੀ ਜਾਵੇ, ਛੇਵੇਂ ਤਨਖ਼ਾਹ-ਕਮਿਸ਼ਨ ਦੇ ਲਾਭ, ਸੇਵਾਮੁਕਤ ਸਾਥੀਆਂ ਦੇ ਪੈਨਸ਼ਨ ਕੇਸ ਤਿਆਰ ਕਰਨ ਸਬੰਧੀ ਵੀ ਕੋਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ। ਇਸ ਮੌਕੇ ਸਰਪ੍ਰਸਤ ਐੱਨਐੱਨ ਸੈਣੀ, ਅਸ਼ੋਕ ਵਡੇਰਾ, ਐਬਿਟ ਮਸੀਹ ਜਲੰਧਰ, ਹਰਦੀਪ ਢੀਂਡਸਾ, ਪਰਮਜੀਤ ਸਿੰਘ ਗੁਰਦਾਸਪੁਰ, ਅਸ਼ਵਨੀ ਮਦਾਨ ਪਟਿਆਲਾ, ਰਾਵਿੰਦਰਜੀਤ ਪੁਰੀ ਅਹਿਮਦਗੜ੍ਹ, ਚਰਨਜੀਤ ਸ਼ਰਮਾ ਬਰਨਾਲਾ, ਰਣਜੀਤ ਸਿੰਘ ਆਨੰਦਪੁਰ ਸਾਹਿਬ, ਜਗਜੀਤ ਗੁਜਰਾਲ ਅੰਮ੍ਰਿਤਸਰ, ਸੁਖਇੰਦਰ ਸਿੰਘ ਹੁਸ਼ਿਆਰਪੁਰ, ਅਨਿਲ ਭਾਰਤੀ, ਕਰਮਜੀਤ ਰਾਣੋ, ਮਨੂ ਮਟਕਣ ਖੰਨਾ, ਭੀਮ ਸੈਨ ਤੇ ਕੁਲਦੀਪ ਸਿੰਘ ਕੁਰਾਲੀ ਹਾਜ਼ਰ ਸਨ।