ਸਿਵਲ ਸਰਜਨ ਦਫ਼ਤਰ ਅੱਗੇ ਡਟੇ ਮੁਲਾਜ਼ਮ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਨਵੰਬਰ
ਸਿਹਤ ਵਿਭਾਗ ਦੀਆਂ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕਰਕੇ ਰੋਸ ਪ੍ਰਗਟਾਵਾ ਕੀਤਾ। ਇਸ ਮੌਕੇ ਐਮਐਲਟੀ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਯੂਨੀਅਨ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ, ਏਐਨਐਮਐਲਐਚਵੀ ਯੂਨੀਅਨ, ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਵਰਕਰ ਤੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਬੁਲਾਰਿਆਂ ਮਲਕੀਅਤ ਸਿੰਘ ਭੱਟੀ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਗੁਰਦੇਵ ਸਿੰਘ ਢਿੱਲੋਂ, ਬਲਦੇਵ ਸਿੰਘ ਝੰਡੇਰ, ਅਸ਼ੋਕ ਕੁਮਾਰ ਸ਼ਰਮਾ, ਪਲਵਿੰਦਰ ਸਿੰਘ ਧੰਮੂ ਆਦਿ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਮੁਕੰਮਲ ਏਕਤਾ ਕਰਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਅਤੇ ਸਰਕਾਰ ਨੂੰ ਸਬਕ ਸਿਖਾਉਣ ਲਈ ਕਮਰਕੱਸੇ ਕਰ ਲੈਣ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ 830 ਰੈਗੂਲਰ ਮੁਲਾਜ਼ਮਾਂ ਦੀਆਂ ਅਸਾਮੀਆਂ ਖਤਮ ਕਰਨ ਅਤੇ ਤਨਖਾਹ ਕਮਿਸ਼ਨ ਤੇ ਡੀ ਏ ਦਾ ਬਕਾਇਆ ਨਾ ਦੇਣ ਕਰਕੇ ਮੁਲਾਜ਼ਮ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ।