ਰੁਜ਼ਗਾਰ ਮੇਲੇ: 538 ਨੌਜਵਾਨ ਨੌਕਰੀ ਲਈ ਚੁਣੇ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਜੂਨ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਇੱਥੇ ਸਰਕਾਰੀ ਰਾਜ ਹਾਈ ਸੀਨੀਅਰ ਸੈਕੰਡਰੀ ਸਕੂਲ ਵਿੱਚ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਗਿਆ। ਮੇਲੇ ‘ਚ ਵੱਖ ਵੱਖ ਕੰਪਨੀਆਂ ਵੱਲੋਂ 300 ਦੇ ਕਰੀਬ ਨੌਜਵਾਨ ਲੜਕੇ-ਲੜਕੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸਡੀਐੱਮ ਸੰਗਰੂਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੇਲੇ ਵਿੱਚ ਲਗਭਗ 24 ਨਾਮੀਂ ਕੰਪਨੀਆਂ ਨੇ ਬਿਨੈਕਾਰਾਂ ਦੀ ਇੰਟਰਵਿਊ ਲਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬਿਨੈਕਾਰਾਂ ਦੀ ਰਜਿਸਟਰੇਸ਼ਨ ਕਰਵਾ ਕੇ ਲਗਾਤਾਰ ਸੇਧ ਦਿੱਤੀ ਜਾਂਦੀ ਹੈ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਰੁਜ਼ਗਾਰ ਬਿਓਰੋ ਰਾਹੀਂ ਸਮੇਂ-ਸਮੇਂ ‘ਤੇ ਕੰਪਨੀਆਂ ਨਾਲ ਮਿਲ ਕੇ ਪਹਿਲਾਂ ਵੀ ਕੈਂਪਾਂ ਰਾਹੀਂ ਲੋੜਵੰਦਾਂ ਨੂੰ ਰੁਜ਼ਗਾਰ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਮੇਲੇ ਦੌਰਾਨ ਟਰਾਈਡੈਂਟ, ਆਈਸੀਆਈਸੀਆਈ, ਅਵਾਨੀ ਟੈਕਸਟਾਇਲ, ਅਰਿਹੰਤ, ਵਿਸ਼ਾਲ ਪੇਪਰ ਮਿੱਲ, ਬਜਾਜ ਅਲਾਇੰਜ਼, ਐੱਸਸੀ ਟਰੈਕਟਰਜ਼, ਗਹੀਰ ਐਗਰੋ ਅਤੇ ਦਸਮੇਸ਼ ਮਕੈਨੀਕਲ ਸਮੇਤ ਹੋਰ ਕੰਪਨੀਆਂ ਨੇ ਸ਼ਿਰਕਤ ਕੀਤੀ।
ਦੇਵੀਗੜ੍ਹ (ਨਿੱਜੀ ਪੱਤਰ ਪ੍ਰੇਰਕ): ਆਈਟੀਆਈ ਲੜਕੇ ਨਾਭਾ ਰੋਡ ਵਿੱਚ ਰੁਜ਼ਗਾਰ ਕੈਂਪ ਲਗਾਇਆ ਗਿਆ, ਜਿਸ ਵਿੱਚ ਨਾਮੀ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 238 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।