ਔਰਤਾਂ ਲਈ ਰੁਜ਼ਗਾਰ ਸਰਕਾਰ ਦੀ ਤਰਜੀਹ: ਬਲਜੀਤ ਕੌਰ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ
ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਪਿੰਡ ਦਾਨੇਵਾਲਾ ਵਿੱਚ ਰਾਜ ਪੱਧਰੀ ਸ਼ੁਰੂਆਤੀ ਸਮਾਗਮ ਦੌਰਾਨ ਔਰਤਾਂ ਲਈ ਸਿਹਤ ਅਤੇ ਰੁਜ਼ਗਾਰ ਸਬੰਧੀ ਲਗਾਏ ਗਏ ਕੈਂਪ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਕੈਂਸਰ ਜਿਹੀ ਭਿਆਨਕ ਬਿਮਾਰੀ ਤੋਂ ਬਚਾਉਣਾ ਹੈ, ਇਸ ਕੈਂਪ ਵਿੱਚ ਕੈਂਸਰ ਦੀ ਸਕਰੀਨਿੰਗ ਸਬੰਧੀ 500 ਤੋਂ ਵੱਧ ਔਰਤਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਰੁਜ਼ਗਾਰ ਸਬੰਧੀ 209 ਲੜਕੀਆਂ ਵੱਲੋਂ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ ਗਿਆ ਅਤੇ ਮੌਕੇ ’ਤੇ ਹੀ 134 ਲੜਕੀਆਂ ਦੀ 7 ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ। ਮੰਤਰੀ ਨੇ ਕਿਹਾ ਕਿ ਇਸ ਕੈਂਪ ਵਿੱਚ ਔਰਤਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਸਹੂੁਲਤਾਂ ਇਕੱਠੀਆਂ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ ਜਿਵੇਂ ਕਿ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਰੋਜ਼ਗਾਰ ਸਬੰਧੀ ਪਲੇਸਮੈਂਟ ਕੈਂਪ, ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਲਾਸ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ।
ਇਸ ਮੌਕੇ ਉਨ੍ਹਾਂ 132 ਲਾਭਪਾਤਰੀਆਂ ਨੂੰ 51 ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ 67 ਲੱਖ 32 ਹਜ਼ਾਰ ਰੁਪਏ ਦੇ ਚੈੱਕ ਸ਼ਗਨ ਸਕੀਮ ਤਹਿਤ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਹਰ ਜ਼ਿਲ੍ਹੇ ਇਸ ਤਰ੍ਹਾਂ ਦੇ ਕੈਂਪ ਲਗਾਉਣਾ ਹੈ ਤਾਂ ਜੋ ਕੋਈ ਵੀ ਔਰਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੋਂ ਵਾਂਝੀ ਨਾ ਰਹੇ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ 149 ਖਿਡਾਰੀਆਂ ਨੂੰ ਟਰੈਕ ਸੂਟ, 100 ਲੜਕੀਆਂ ਸਕੂਲੀ ਬੈਗ ਅਤੇ ਪਾਣੀ ਦੀਆਂ ਬੋਤਲਾਂ ਅਤੇ ਸਪਾਂਸਿਰਸ਼ਿਪ ਸਕੀਮ ਤਹਿਤ ਲਾਭਪਾਤਰੀਆਂ ਨੂੰ ਟੀ-ਸ਼ਰਟ ਅਤੇ ਬੈਗ ਵੀ ਵੰਡੇ ਗਏ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਵਿਭਾਗ, ਰਾਜੀ ਪੀ. ਸ੍ਰੀਵਾਸਤਵਾ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਹਾਜ਼ਰ ਸਨ।
ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦੇਵਾਂਗੇ: ਬਲਜਿੰਦਰ ਕੌਰ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ):
ਗੁਰੂ ਕੀ ਨਗਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਤੇ ਚੀਫ ਵਿੱਪ ਬਲਜਿੰਦਰ ਕੌਰ ਨੇ ਅੱਜ ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੇ ਕਈ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਸਮੇਂ ਕੀਤਾ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਸਮੇਤ ਸ਼ਹਿਰ ਦੇ ਖੰਡਾ ਚੌਂਕ ਤੋਂ ਗਿੱਲਾਂ ਵਾਲਾ ਖੂਹ ਵਾਇਆ ਤਖ਼ਤ ਸਾਹਿਬ ਨੂੰ ਜਾਂਦੀ ਸੜਕ ਦੇ ਸੁੰਦਰੀਕਰਨ ਕਰਨ ਲਈ ਅਤੇ ਸ਼ਹਿਰ ਦੇ ਜਲਘਰ ਵਿੱਚੋਂ ਪੀਣ ਵਾਲੇ ਪਾਣੀ ਦੀ ਸਹੂਲਤ ਲਈ ਫਿਲਟਰ ਮੀਡੀਆ ਲਗਾਉਣ ਲਈ 322.19 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਗਿੱਲ ਚੌਕ ਵਿੱਚ ਇੰਟਰਲਾਕ ਟਾਈਲਾਂ ਲਾਉਣ ਦੇ ਅਤੇ ਸੰਗਤ ਰੋਡ ’ਤੇ ਸੀਸੀ ਫਲੌਰਿੰਗ ਪਾਉਣ ਦੇ ਇੱਕ ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ। ਇਸ ਮੌਕੇ ਡੀਸੀ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ। ਪਿੰਡਾਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਪਿੰਡ ਦੀਆਂ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।