ਪਰਾਲੀ ਸਾੜਨ ਤੋਂ ਰੋਕਣ ਗਏ ਅਧਿਕਾਰੀਆਂ ਦਾ ਘਿਰਾਓ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਨਵੰਬਰ
ਕਿਸਾਨਾਂ ਵੱਲੋਂ ਇੱਥੋਂ ਨੇੜਲੇ ਪਿੰਡ ਘਰਾਚੋਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਇਕੱਠੇ ਹੋਏ ਕਿਸਾਨਾਂ ਵੱਲੋਂ ਘੇਰੇ ਗਏ ਅਧਿਕਾਰੀਆਂ ਵਿੱਚ ਏਡੀਸੀ ਅਮਿਤ ਬੈਂਬੀ, ਐੱਸਡੀਐੱਮ ਰਵਿੰਦਰ ਬਾਂਸਲ, ਐੱਸਪੀਡੀ ਪਲਵਿੰਦਰ ਸਿੰਘ ਚੀਮਾ ਅਤੇ ਡੀਐੱਸਪੀ ਰਾਹੁਲ ਕੌਸਲ ਸ਼ਾਮਲ ਹਨ।
ਇਸ ਮੌਕੇ ਬੀਕੇਯੂ (ਉਗਰਾਹਾਂ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ, ਜਸਬੀਰ ਸਿੰਘ ਗੱਗੜਪੁਰ, ਰਘਬੀਰ ਸਿੰਘ ਘਰਾਚੋਂ, ਸਤਵਿੰਦਰ ਸਿੰਘ, ਬਲਵੀਰ ਕੌਰ, ਜਸਵਿੰਦਰ ਕੌਰ ਮਹਿਲਾਂ, ਕੁਲਦੀਪ ਕੌਰ, ਗੁਰਮੀਤ ਕੌਰ ਤੇ ਬਲਜਿੰਦਰ ਕੌਰ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਝੋਨਾ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ, ਦੂਜੇ ਪਾਸੇ ਮਜਬੂਰੀਵੱਸ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਅਖੀਰ ਪੁਲੀਸ ਤੇ ਪ੍ਰਸ਼ਾਸਨਕ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਖ਼ਤਮ ਕਰ ਦਿੱਤਾ।
ਨੋਡਲ ਅਫ਼ਸਰ ਦੀ ਕੁੱਟਮਾਰ ਕਰਨ ਵਾਲੇ ਜੇਲ੍ਹ ਭੇਜੇ
ਪਾਤੜਾਂ (ਪੱਤਰ ਪ੍ਰੇਰਕ): ਪਰਾਲੀ ਸਾੜਨ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ਉੱਤੇ ਪਹੁੰਚੇ ਨੋਡਲ ਅਫ਼ਸਰ ਨਾਲ ਬਦਸਲੂਕੀ ਅਤੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਕੇ ਅਦਾਲਤ ਦੇ ਹੁਕਮਾਂ ’ਤੇ ਜੇਲ੍ਹ ਭੇਜ ਦਿੱਤਾ ਹੈ। ਥਾਣਾ ਸ਼ੁਤਰਾਣਾ ਅਧੀਨ ਆਉਂਦੀ ਪੁਲੀਸ ਚੌਕੀ ਗੁਲਜਾਰਪੁਰਾ ਠਰੂਆ ਵਿੱਚ ਤਾਇਨਾਤ ਏਐੱਸਆਈ ਰਾਜਵੀਰ ਸਿੰਘ ਨੇ ਦੱਸਿਆ ਕਿ ਪਾਵਰਕੌਮ ਮੁਲਾਜ਼ਮ ਵਿਕਰਮਜੀਤ ਸਿੰਘ ਵਾਸੀ ਬਣਵਾਲਾ ਨੂੰ ਐੱਸਡੀਐੱਮ ਪਾਤੜਾਂ ਨੇ ਬਤੌਰ ਨੋਡਲ ਅਫ਼ਸਰ ਪਿੰਡ ਸਾਗਰਾ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕ ਕਰਨ ਲਈ ਨਿਯੁਕਤ ਕੀਤਾ ਸੀ, ਜਦੋਂ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੌਕੇ ਉੱਤੇ ਪਹੁੰਚੇ ਤਾਂ ਉੱਥੇ ਹਾਜ਼ਰ ਲੋਕਾਂ ਨੇ ਬਦਸਲੂਕੀ ਕਰਦਿਆਂ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਕੱਪੜੇ ਪਾੜ ਦਿੱਤੇ। ਇਸ ਸਬੰਧੀ ਹਰਪਾਲ ਸਿੰਘ ਅਤੇ ਬਲਜੀਤ ਸਿੰਘ ਵਾਸੀ ਪਿੰਡ ਆਂਧਲੀ ਤੇ ਸਤਪਾਲ ਵਾਸੀ ਪੱਕੀ ਪਸੋਲ ਥਾਣਾ ਸਦਰ ਕੈਥਲ ਹਰਿਆਣਾ ਨੂੰ ਜੇਲ੍ਹ ਭੇਜ ਦਿੱਤਾ ਹੈ।