ਜਲੰਧਰ ’ਚ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਹਤਿੰਦਰ ਮਹਿਤਾ
ਜਲੰਧਰ, 15 ਜਨਵਰੀ
ਇਥੇ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਮੁਕਾਬਲੇ ਤੋਂ ਬਾਅਦ ਗੋਲਡੀ ਬਰਾੜ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਦੋ ਗੈਂਗਸਟਰ ਬਲਰਾਜ ਸਿੰਘ ਉਰਫ ਬੱਲੂ ਅਤੇ ਪਵਨ ਕੁਮਾਰ ਸ਼ਹਿਰ ਵਿੱਚ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੋਹ ਨਾਲ ਸਬੰਧਤ ਇਹ ਮੁੱਖ ਮੈਂਬਰ ਕਿਸੇ ਵੱਡੀ ਵਾਰਦਾਤ ਦੀ ਸਾਜ਼ਿਸ਼ ਰਚ ਰਹੇ ਹਨ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਨੇ ਕਾਰ ਨੂੰ ਸ਼ੱਕ ਦੇ ਅਧਾਰ ’ਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮ ਬਲਰਾਜ ਸਿੰਘ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ।
ਪੁਲੀਸ ਦੀ ਜਵਾਬੀ ਕਾਰਵਾਈ ਦੌਰਾਨ ਬਲਰਾਜ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਦੂਜੇ ਮੁਲਜ਼ਮ ਪਵਨ ਕੁਮਾਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕੁਝ ਦੇਰ ਬਾਅਦ ਹੀ ਉਸ ਨੂੰ ਵੀ ਕਾਬੂ ਕਰ ਲਿਆ ਗਿਆ। ਪੁਲੀਸ ਨੇ ਮੁਲਜ਼ਮਾਂ ਪਾਸੋਂ ਦੋ ਪਿਸਤੌਲਾਂ, 12 ਕਾਰਤੂਸ ਤੇ ਕਾਰ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਭਾਰਗੋ ਕੈਂਪ ਜਲੰਧਰ ’ਚ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਰਾਜ ਖ਼ਿਲਾਫ਼ ਪਹਿਲਾਂ ਹੀ ਤਿੰਨ ਤੇ ਪਵਨ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਦਰਜ ਹਨ। ਇਸ ਬਾਰੇ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਵੀ ਸਾਂਝੀ ਕੀਤੀ ਗਈ।