ਡੋਡਾ ’ਚ ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ
ਜੰਮੂ:
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉੱਪਰਲੇ ਜੰਗਲੀ ਇਲਾਕੇ ਵਿੱਚ ਅੱਜ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁੁਕਾਬਲੇ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਸਖ਼ਤ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਅਪਰੇਸ਼ਨ ਉਕਤ ਇਲਾਕੇ ’ਚ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਹ ਮਿਲਣ ਮਗਰੋਂ ਸ਼ੁਰੂ ਕੀਤਾ ਗਿਆ ਸੀ। ਡੋਡਾ ਜ਼ਿਲ੍ਹੇ ’ਚ ਇਹ ਮੁਕਾਬਲਾ ਦਹਿਸ਼ਤਗਰਦਾਂ ਵੱਲੋਂ ਕਠੂਆ ’ਚ ਸੁਰੱਖਿਆ ਬਲਾਂ ਦੇ ਕਾਫਲੇ ’ਤੇ ਘਾਤ ਲਾ ਕੇ ਕੀਤੇ ਹਮਲੇ ਤੋਂ ਇੱਕ ਦਿਨ ਬਾਅਦ ਹੋਇਆ ਹੈ। ਲੰਘੇ ਦਿਨ ਹੋਏ ਦਹਿਸ਼ਤੀ ਹਮਲੇ ’ਚ ਇੱਕ ਜੇਸੀਓ ਸਣੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਸੂਚਨਾ ਮੁਤਾਬਕ ਮੁਕਾਬਲੇ ਦੌਰਾਨ ਜਵਾਬੀ ਕਾਰਵਾਈ ’ਚ ਘੱਟੋ-ਘੱਟ ਦੋ ਦਹਿਸ਼ਤਗਰਦਾਂ ਨੂੰ ਗੋਲੀਆਂ ਲੱਗੀਆਂ ਹਨ ਪਰ ਹਾਲੇ ਇਹ ਪਤਾ ਨਹੀਂ ਲੱਗਾ ਕਿ ਉਹ ਮਾਰੇ ਗਏ ਹਨ ਜਾਂ ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਲੰਘੇ ਦਿਨ ਹੋਏ ਦਹਿਸ਼ਤੀ ਹਮਲੇ ਮਗਰੋਂ ਕਠੂਆ ਤੇ ਊਧਮਪੁਰ ਜ਼ਿਲ੍ਹਿਆਂ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਵਿਸ਼ੇਸ਼ ਬਲ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਠੂਆ ’ਚ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਦੌਰਾਨ ਡੋਡਾ ਤੋਂ ਲਗਪਗ 35 ਕਿਲੋਮੀਟਰ ਦੂਰ ਗ਼ਾਦੀ ਭਗਵਾਹ ਜੰਗਲੀ ਇਲਾਕੇ ’ਚ ਘੱਟੋ ਘੱੱਟ ਤਿੰਨ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲਣ ’ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ। ਪੁਲੀਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਪਾਸਿਓਂ ਗੋਲਬਾਰੀ ਰੁਕ ਗਈ ਹੈ। ਤਲਾਸ਼ੀ ਮੁਹਿੰਮ ਰਾਤ ਹੋਣ ਕਰਕੇ ਆਰਜ਼ੀ ਤੌਰ ’ਤੇ ਰੋਕ ਦਿੱਤੀ ਗਈ ਹੈ ਜੋ ਬੁੱਧਵਾਰ ਸਵੇਰੇ ਮੁੜ ਸ਼ੁਰੂ ਕੀਤੀ ਜਾਵੇਗੀ। -ਪੀਟੀਆਈ