For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਦੇ ਦਿਖਾਏ ਰਾਹ ’ਤੇ ਚੱਲਣ ਲਈ ਪ੍ਰੇਰਿਆ

10:30 AM Nov 27, 2023 IST
ਗੁਰੂ ਨਾਨਕ ਦੇਵ ਦੇ ਦਿਖਾਏ ਰਾਹ ’ਤੇ ਚੱਲਣ ਲਈ ਪ੍ਰੇਰਿਆ
ਸ਼ੇਰਪੁਰ ਦੇ ਗੁਰਦੁਆਰਾ ਅਕਾਲ ਪ੍ਰਕਾਸ਼ ਤੋਂ ਸਜਾਏ ਗਏ ਨਗਰ ਕੀਰਤਨ ਦੀ ਝਲਕ। ਫੋਟੋ: ਰਿਸ਼ੀ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 26 ਨਵੰਬਰ
ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ, ਕੀਰਤਨੀ ਜਥੇ, ਕਵੀਸ਼ਰੀ ਜਥੇ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਘਵੀਰ ਸਿੰਘ ਚੰਗਾਲ, ਤੇਜਾ ਸਿੰਘ ਕਮਾਲਪੁਰ, ਇੰਦਰਮੋਹਨ ਸਿੰਘ ਲਖਮੀਰਵਾਲਾ, ਨਿਰਮਲ ਸਿੰਘ ਭੜੋ, ਤੇਜਿੰਦਰ ਸਿੰਘ ਸੰਘਰੇੜੀ, ਹਰਵਿੰਦਰ ਸਿੰਘ ਕਾਕੜਾ ਤੇ ਪ੍ਰਗਟ ਸਿੰਘ ਢਿੱਲੋਂ ਆਦਿ ਆਗੂ ਹਾਜ਼ਰ ਸਨ।
ਪਾਤੜਾਂ (ਪੱਤਰ ਪ੍ਰੇਰਕ): ਡੀਏਵੀ ਪਬਲਿਕ ਸਕੂਲ ਪਾਤੜਾਂ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਪ੍ਰਿੰਸੀਪਲ ਮੀਨਾ ਥਾਪਰ ਨੇ ਦੱਸਿਆ ਕਿ ਸਕੂਲ ਦੇ ਮਹਾਤਮਾ ਹੰਸ ਰਾਜ ਹਾਊਸ ਵੱਲੋਂ ਧਾਰਮਿਕ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਕੀਤੀ ਗਈ। ਇਸ ਉਪਰੰਤ ਸੰਗੀਤ ਅਧਿਆਪਕਾ ਪੂਜਾ ਗਿੱਲ ਅਤੇ ਪੰਜਾਬੀ ਅਧਿਆਪਕਾ ਰਣਜੀਤ ਕੌਰ ਵੱਲੋਂ ਤਿਆਰ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਗਤੀਵਿਧੀਆਂ ਜਿਵੇਂ ਧਾਰਮਿਕ ਕੋਰੀਓਗ੍ਰਾਫੀਆਂ, ਧਾਰਮਿਕ ਗੀਤ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ । ਸਕੂਲ ਅਧਿਆਪਕ ਸ਼ਮਸ਼ੇਰ ਸਿੰਘ ਜੱਸਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਉੱਤੇ ਵਿਸ਼ੇਸ਼ ਚਾਨਣਾ ਪਾਇਆ ਗਿਆ। ਸਮਾਗਮ ਦੇ ਅੰਤ ਵਿੱਚ ਹਾਊਸ ਕੋਆਰਡੀਨੇਟ ਸੰਦੀਪ ਸ਼ਰਮਾ ਅਤੇ ਸ਼ੀਤਲ ਕਾਂਸਲ ਨੇ ਸਭ ਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਉਪਦੇਸ਼ਾਂ ਉੱਤੇ ਚੱਲਣ ਲਈ ਪ੍ਰੇਰਨਾ ਦਿੱਤੀ।
ਮੂਨਕ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਾਰਡ ਚਾਰ ਦੇ ਗੁਰੂ ਘਰ ਵਿਖੇ ਇਲਾਕੇ ਦੀ ਸੁਖ ਸ਼ਾਂਤੀ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ। ਪਾਠ ’ਤੇ ਪਹੁੰਚੀ ਸੰਗਤ ਨੂੰ ਮੁਖਤਿਆਰ ਸਿੰਘ ਕੰਬੋਜ ਵਲੋਂ ਫ਼ਲਦਾਰ ਬੂਟੇ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।
ਦੇਵੀਗੜ੍ਹ (ਪੱਤਰ ਪ੍ਰੇਰਕ): ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਦੇਵੀਗੜ੍ਹ ਵਿੱਚ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਭ ਤੋਂ ਪਹਿਲਾਂ ਨੌਵੀਂ ਕਲਾਸ ਦੀ ਵਿਦਿਆਰਥਣ ਨੇਹਾ ਰਾਣੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਤੇ ਵਿਚਾਰ ਪੇਸ਼ ਕੀਤੇ ਅਤੇ ਉਸ ਤੋਂ ਬਾਅਦ ਬੱਚਿਆਂ ਨੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ। ਇਸ ਤੋਂ ਬਾਅਦ ਹਨੀਪ੍ਰੀਤ ਸਿੰਘ ਅਤੇ ਰੋਬਿਨ ਪ੍ਰੀਤ ਸਿੰਘ ਥਿੰਦ ਨੇ ਧਾਰਮਿਕ ਗੀਤ ਗਾਇਆ।
ਕਰਮਵੀਰ ਸਿੰਘ ਅਤੇ ਗੁਰਨੂਰ ਸਿੰਘ ਨੇ ਕਵੀਸ਼ਰੀ ਪੇਸ਼ ਕੀਤੀ। ਇਸ ਤੋਂ ਬਾਅਦ ਬੱਚਿਆਂ ਨੇ ਵੀ ਝਾਕੀ ਪੇਸ਼ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਸੰਤੋਖ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਸਿੱਖਿਆਵਾਂ ਪ੍ਰਤੀ ਜਾਗਰੂਕ ਕੀਤਾ। ਇਸੇ ਤਰ੍ਹਾਂ ਬਾਹਲਾ ਪਬਲਿਕ ਸਕੂਲ ਪਿੱਪਲਖੇੜੀ ਵਿੱਚ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਵਿੱਚ ਪ੍ਰਿੰਸੀਪਲ ਡਾਕਟਰ ਰਾਜਿੰਦਰ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸਮੂਹ ਸਟਾਫ ਦੇ ਸਹਿਯੋਗ ਸਦਕਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।
ਦੇਵੀਗੜ੍ਹ (ਪੱਤਰ ਪ੍ਰੇਰਕ): ਭੁਨਰਹੇੜੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾਂ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਜਿਨ੍ਹਾਂ ਨੇ ਹਮੇਸ਼ਾਂ ਸਾਨੂੰ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਅਤੇ ਹੱਕ ਸੱਚ ਦੀ ਕਮਾਈ ਨੂੰ ਹੀ ਤਰਜੀਹ ਦਿੱਤੀ ਹੈ।
ਸ਼ੇਰਪੁਰ (ਪੱਤਰ ਪ੍ਰੇਰਕ): ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਬਾਬਾ ਹਰਬੰਸ ਸਿੰਘ ਖੇੜੀ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ। ਵੱਖ-ਵੱਖ ਪੜਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਆਕਾਲ ਪ੍ਰਕਾਸ਼ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਅਮਰੀਕ ਸਿੰਘ ਜਵੰਧਾ, ਸਰਪੰਚ ਰਣਜੀਤ ਸਿੰਘ ਧਾਲੀਵਾਲ ਨੇ ਸੰਗਤ ਵੱਲੋਂ ਦਿਤੇ ਸਹਿਯੋਗ ਲਈ ਧੰਨਵਾਦ ਕੀਤਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੇ ਸਿੰਘ ਸੰਗਤ ਵੱਲੋਂ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।

Advertisement

Advertisement
Advertisement
Author Image

Advertisement