Engineer Rashid: ਇੰਜਨੀਅਰ ਰਾਸ਼ਿਦ ਨੇ ਸੰਸਦ ਵਿੱਚ ਹਾਜ਼ਰ ਹੋਣ ਲਈ ਅੰਤਰਿਮ ਜ਼ਮਾਨਤ ਮੰਗੀ
ਨਵੀਂ ਦਿੱਲੀ, 25 ਨਵੰਬਰ
Engineer Rashid: ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਹਿਸ਼ਤਗਰਦੀ ਫੰਡਿੰਗ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਰਾਸ਼ਿਦ ਨੇ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਮਲ ਕੁਮਾਰ ਯਾਦਵ ਤੋਂ ਰਾਹਤ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਅਦਾਲਤ ਨੇ ਕੌਮੀ ਜਾਂਚ ਏਜੰਸੀ ਨੂੰ 27 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਤਿਹਾੜ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਹੋਏ ਇੰਜਨੀਅਰ ਰਾਸ਼ਿਦ ਨੇ ਕਿਹਾ, ‘ਮੈਨੂੰ ਮੇਰੇ ਲੋਕਾਂ ਨੇ ਚੁਣਿਆ ਹੈ। ਮੈਨੂੰ ਪਿਛਲੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਜ਼ਿਲ੍ਹਾ ਅਦਾਲਤ 27 ਨਵੰਬਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗੀ।
ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਜੱਜ ਨੂੰ ਜੰਮੂ-ਕਸ਼ਮੀਰ ਦੇ ਅਤਿਵਾਦੀ ਫੰਡਿੰਗ ਨਾਲ ਸਬੰਧਤ ਕੇਸ ਨੂੰ ਸੰਸਦ ਮੈਂਬਰਾਂ ਦੀ ਸੁਣਵਾਈ ਲਈ ਨਾਮਜ਼ਦ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਰਾਸ਼ਿਦ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਹਲਕੇ ਤੋਂ ਸੰਸਦ ਮੈਂਬਰ ਬਣੇ ਸਨ। ਉਸ ’ਤੇ ਐਨਆਈਏ ਨੇ 2017 ਵਿਚ ਦਹਿਸ਼ਤੀ ਫੰਡਿੰਗ ਮਾਮਲੇ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ।