ਮਿਲਕ ਪਲਾਂਟ ਵਿੱਚ ਵਾਤਾਵਰਨ ਦਿਵਸ ਮਨਾਇਆ
ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਜੂਨ
ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਵਿੱਚ ਫਾਰ ਚੇਂਜ ਫਾਊਂਡੇਸ਼ਨ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਇਕ ਸਮਾਗਮ ਕਰਵਾਇਆ ਗਿਆ। ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ. ਸੁਰਜੀਤ ਸਿੰਘ ਭਦੌੜ ਨੇ ਜਿੱਥੇ ਇੱਕ-ਇੱਕ ਬੂਟਾ ਲਾ ਕੇ ਉਸ ਨੂੰ ਪਾਲਣ ਦੀ ਗੱਲ ਕੀਤੀ ਉੱਥੇ ਉਨ੍ਹਾਂ ਨੇ ਵਾਤਾਵਰਨ ਨੂੰ ਬਚਾਉਣ ਲਈ ਪਲਾਸਟਿਕ ਦੀ ਲਗਾਤਾਰ ਹੋ ਰਹੀ ਵਰਤੋਂ, ਪਾਣੀ ਦੀ ਬਰਬਾਦੀ, ਫੈਕਟਰੀਆਂ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਆਦਿ ਦੇ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟਾਈ।
ਸਵਿੱਚ ਫਾਰ ਚੇਂਜ ਫਾਊਂਡੇਸ਼ਨ ਦੇ ਫਾਉਂਡਰ ਪ੍ਰਧਾਨ ਗੌਰਵ ਸਿੰਘ ਨੇ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੰਤਵ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਚੁਗਿਰਦੇ ਦੀ ਰੱਖ ਰਖਾਵ ਅਤੇ ਸ਼ਹਿਰ ਵਿਚ ਸਫਾਈ ਪ੍ਰਤੀ ਜਾਗਰੂਕ ਕਰਨਾ ਸੀ। ਸੰਸਥਾ ਅਤੇ ਪਲਾਂਟ ਦੇ ਵਰਕਰਾਂ ਨੇ ਇਕਜੁੱਟ ਹੋ ਕੇ ਪਲਾਂਟ ਵਿੱਚ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਏ। ਸਮਾਗਮ ਦੇ ਅੰਤ ਵਿਚ ਵਧੀਕ ਡਿਪਟੀ ਕਮਿਸ਼ਨਰ ਅਤੇ ਜਨਰਲ ਮੈਨੇਜਰ ਅਤੇ ਸਭ ਸੰਸਥਾਵਾਂ ਦਾ ਧੰਨਵਾਦ ਕੀਤਾ।