ਈਟੀਟੀ ਭਰਤੀ: ਗ਼ਲਤ ਅੰਕੜੇ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਰਵਾਈ ਮੰਗੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 6 ਅਕਤੂਬਰ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 2364 ਈਟੀਟੀ ਅਧਿਆਪਕ ਭਰਤੀ ਸਬੰਧੀ ਕਥਿਤ ਗ਼ਲਤ ਅੰਕੜੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਈਟੀਟੀ ਭਰਤੀ ਸਬੰਧੀ ਗ਼ਲਤ ਅੰਕੜੇ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਜਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ ਅਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਦੱਸਿਆ ਕਿ ਉਨ੍ਹਾਂ ਨੇ ਡੀਪੀਆਈ ਐਲੀਮੈਂਟਰੀ ਨੂੰ ਮਿਲ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਸਕੂਲ ਸਿੱਖਿਆ ਦਫ਼ਤਰ ਵੱਲੋਂ ਰੋਸਟਰ ਰਜਿਸਟਰਾਂ ਵਿੱਚ ਰਾਖਵੀਂ ਸ਼੍ਰੇਣੀ ਉਮੀਦਵਾਰਾਂ ਦੇ ਅੰਕੜੇ ਸਹੀ ਕਰਨ ਲਈ ਪੱਤਰ ਲਿਖਣ ਦੇ ਬਾਵਜੂਦ ਕੁੱਝ ਜ਼ਿਲ੍ਹਾ ਸਿੱਖਿਆ ਦਫ਼ਤਰ ਈਟੀਟੀ ਕਾਡਰ ਦੀਆਂ ਅਸਾਮੀਆਂ ਦੀ ਨਿਯੁਕਤੀ ਬਾਬਤ ਕੈਟਾਗਰੀ ਸਹੀ ਨਹੀਂ ਭਰ ਰਹੇ। ਕਈ ਬਲਾਕਾਂ ਦੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਗੁੰਮਰਾਹ ਕਰਕੇ ਗ਼ਲਤ ਡਾਟਾ ਭਰਨ ਲਈ ਕਿਹਾ ਜਾ ਰਿਹਾ ਹੈ।
ਡਾਇਰੈਕਟਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਸਾਰੇ ਅੰਕੜੇ ਹਰ ਹਾਲਤ ਵਿੱਚ ਸਹੀ ਕਰਵਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜੇ ਅੰਕੜਾ ਸਹੀ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਐਕਸ਼ਨ ਕਰਵਾਉਣ ਲਈ ਸੰਘਰਸ਼ ਕਰੇਗੀ। ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਸਿੱਖਿਆ ਭਵਨ ਬਾਹਰ 2364 ਬੇਰੁਜ਼ਗਾਰ ਅਧਿਆਪਕ ਕਾਫ਼ੀ ਦਿਨਾਂ ਤੋਂ ਰੁਜ਼ਗਾਰ ਮਿਲਣ ਦੀ ਆਸ ਵਿੱਚ ਲੜੀਵਾਰ ਧਰਨੇ ’ਤੇ ਬੈਠੇ ਹਨ।