ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਟੀਟੀ ਯੂਨੀਅਨ ਨੇ ਮਨਾਈ ਕਾਲੀ ਦੀਵਾਲੀ

10:14 AM Nov 14, 2023 IST
ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਈਟੀਟੀ 5994 ਯੂਨੀਅਨ ਦੇ ਕਾਰਕੁਨ।

ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 13 ਨਵੰਬਰ
ਈਟੀਟੀ ਟੈੱਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਨੇ ਆਪਣੇ ਘਰਾਂ ਤੋਂ ਬਾਹਰ ਰਹਿੰਦਿਆਂ ਪੱਕੇ ਮੋਰਚੇ ਵਾਲੀ ਥਾਂ ’ਤੇ ਹੀ ਕਾਲੀ ਦੀਵਾਲੀ ਮਨਾਈ। ਦੀਵਾਲੀ ਵਾਲੀ ਰਾਤ ਨੂੰ ਯੂਨੀਅਨ ਦੇ ਨੁਮਾਇੰਦਿਆਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਦਕਿ 11 ਲੰਘੀ ਅਕਤੂਬਰ ਤੋਂ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਚੱਲ ਰਿਹਾ ਪੱਕਾ ਮੋਰਚਾ ਅੱਜ 35ਵੇਂ ਦਿਨ ਵੀ ਜਾਰੀ ਰਿਹਾ।
ਇਸ ਮੌਕੇ ਪੰਜਾਬ ਸਰਕਾਰ ਨੂੰ ਕੋਸਦਿਆਂ ਯੂਨੀਅਨ ਦੇ ਕਾਰਕੁਨਾਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਕਿਸੇ ਵੀ ਤਰ੍ਹਾਂ ਦੇ ਰੋਸ ਮੁਜ਼ਾਹਰੇ, ਧਰਨੇ ਅਤੇ ਪੱਕੇ ਮੋਰਚੇ ਆਦਿ ਨਾ ਹੋਣ ਦੇ ਵੱਡੇ-ਵੱਡੇ ਦਾਅਵੇ ਤੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਦੇ ਸਾਰੇ ਵਾਅਦੇ ਤੇ ਦਾਅਵੇ ਹਵਾ ਹਵਾਈ ਹੋ ਰਹੇ ਹਨ। ਇਸ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਈ ਗੁਣਾ ਵੱਧ ਧਰਨੇ-ਮੁਜ਼ਾਹਰੇ ਹੋ ਰਹੇ ਹਨ। ਸੂਬਾ ਕਮੇਟੀ ਮੈਂਬਰ ਬਲਿਹਾਰ ਬੱਲੀ, ਪਰਮਪਾਲ, ਬੱਗਾ ਖੁਡਾਲ, ਕੁਲਵਿੰਦਰ ਬਰੇਟਾ, ਪਰਗਟ ਸਿੰਘ, ਲਵਪ੍ਰੀਤ ਦੰਦੀਵਾਲ, ਜੱਸੀ ਬਿੱਲਾ, ਹਰੀਸ਼ ਕੁਮਾਰ ਤੇ ਬੰਟੀ ਅਬੋਹਰ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੇ 35 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਦੇ ਨੁਮਾਇੰਦੇ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਭਰਤੀ ਲਈ ਨਿਰਧਾਰਤ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਸਕਰੂਟਨੀ (ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ) ਤੱਕ ਕਰਵਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਅੱਜ ਲਗਪਗ ਅੱਠ ਮਹੀਨੇ ਬੀਤਣ ਦੇ ਬਾਵਜੂਦ ਉਮੀਦਵਾਰ ਜੁਆਇਨਿੰਗ ਨੂੰ ਤਰਸ ਰਹੇ ਹਨ। ਇਸ ਕਰ ਕੇ ਉਮੀਦਵਾਰਾਂ ਨੂੰ ਮਜਬੂਰੀਵੱਸ ਪੱਕਾ ਮੋਰਚਾ ਲਗਾਉਣਾ ਪਿਆ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਸੂਬੇ ਭਰ ਦੇ ਪੜ੍ਹੇ-ਲਿਖੇ ਨੌਜਵਾਨ ਘਰਾਂ ਤੋਂ ਬਾਹਰ ਸੜਕਾਂ ’ਤੇ ਦੀਵਾਲੀ ਮਨਾਉਣ ਲਈ ਮਜਬੂਰ ਹਨ। ਕਮੇਟੀ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਕਤ ਈਟੀਟੀ 5994 ਕੇਡਰ ਦੀ ਭਰਤੀ ਸਬੰਧੀ ਮਾਣਯੋਗ ਹਾਈ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਕੋਈ ਹੱਲ ਨਾ ਕਰਵਾਇਆ ਤਾਂ ਆਉਣ ਵਾਲੇ ਸਮੇਂ ਵਿੱਚ ਗੁਪਤ ਅਤੇ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਦੇ ਆਗਾਮੀ ਨਿਗਮ ਚੋਣਾਂ ਅਤੇ ਪੰਚਾਇਤੀ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਮਾਣਯੋਗ ਹਾਈ ਕੋਰਟ ਵਿੱਚ ਹਲਫੀਆ ਬਿਆਨ ਦੇ ਕੇ ਭਰਤੀ ਪੂਰੀ ਕਰੇ।

Advertisement

Advertisement