For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ’ਚ ਮੀਂਹ ਪੈਣ ਮਗਰੋਂ ਵੀ ਹੁੰਮਸ ਦੀ ਮਾਰ

06:42 AM Aug 01, 2024 IST
ਚੰਡੀਗੜ੍ਹ ’ਚ ਮੀਂਹ ਪੈਣ ਮਗਰੋਂ ਵੀ ਹੁੰਮਸ ਦੀ ਮਾਰ
ਚੰਡੀਗੜ੍ਹ ਦੇ ਸੈਕਟਰ-35 ਨੇੜੇ ਮੀਂਹ ਪੈਣ ਦੌਰਾਨ ਸੜਕ ਤੋਂ ਲੰਘਦੇ ਹੋਏ ਵਾਹਨ ਚਾਲਕ। -ਫੋਟੋ: ਨਿਤਿਨ ਮਿੱਤਲ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 31 ਜੁਲਾਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਘੱਟ ਮੀਂਹ ਪੈਣ ਕਾਰਨ ਲੋਕਾਂ ਨੂੰ ਅਤਿ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਏ ਮੀਂਹ ਤੋਂ ਬਾਅਦ ਸ਼ਹਿਰ ਵਿੱਚ ਹੁੰਮਸ ਭਰੀ ਗਰਮੀ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ। ਸ਼ਹਿਰ ਵਿੱਚ ਅੱਜ ਦੁਪਹਿਰੇ ਇਕ ਦਮ ਬੱਦਲਵਾਈ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸ ਦੌਰਾਨ ਅੱਧੇ ਘੰਟੇ ਵਿੱਚ 11.5 ਐੱਮਐੱਮ ਮੀਂਹ ਪਿਆ। ਮੀਂਹ ਪੈਣ ਮਗਰੋਂ ਸ਼ਹਿਰ ਦੇ ਕਈ ਚੌਕਾਂ ’ਤੇ ਕੁਝ ਸਮੇਂ ਲਈ ਪਾਣੀ ਖੜ੍ਹਾ ਹੋ ਗਿਆ, ਜਿਸ ਕਰਕੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 4.2 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਵਿੱਚ ਅਗਲੇ ਪੰਜ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1 ਅਗਸਤ ਤੋਂ 5 ਅਗਸਤ ਤੱਕ ਸ਼ਹਿਰ ਵਿੱਚ ਬੱਦਲਵਾਈ ਰਹੇਗੀ ਅਤੇ ਰੁੱਕ-ਰੁੱਕ ਕੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਵਿੱਚ ਮੌਨਸੂਨ ਕਾਫੀ ਮੱਠਾ ਦਿਖਾਈ ਦੇ ਰਿਹਾ ਹੈ। ਇਸ ਵਾਰ ਮੌਨਸੂਨ ਸੀਜ਼ਨ ਦੌਰਾਨ ਸ਼ਹਿਰ ਵਿੱਚ 45.3 ਫ਼ੀਸਦ ਘੱਟ ਮੀਂਹ ਪਿਆ ਹੈ।

Advertisement

ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਪ੍ਰੇਸ਼ਾਨ

ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਇਲਾਕਿਆਂ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਵੀ ਭਰਵਾਂ ਮੀਂਹ ਪਿਆ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਿਸਾਨਾਂ ਦੇ ਚਿਹਰੇ ਵੀ ਖਿੜ੍ਹੇ ਦਿਖੇ ਪਰ ਨਾਲ ਹੀ ਮੁਹਾਲੀ ਪ੍ਰਸ਼ਾਸਨ ਦੇ ਜਲ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਆਮ ਨਾਗਰਿਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਵੀ ਹੋਈ। ਕਈ ਥਾਵਾਂ ’ਤੇ ਮੀਂਹ ਦਾ ਪਾਣੀ ਜਮ੍ਹਾ ਹੋ ਗਿਆ ਅਤੇ ਲੋਕਾਂ ਨੂੰ ਆਉਣ ਜਾਣ ਵਿੱਚ ਕਾਫ਼ੀ ਦਿੱਕਤਾਂ ਪੇਸ਼ ਆਈਆਂ। ਉਧਰ, ਮੌਨਸੂਨ ਦੇਰੀ ਨਾਲ ਸ਼ੁਰੂ ਹੋਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਵੀ ਸੁੱਕਣ ਲੱਗੀਆਂ ਸਨ ਕਿਉਂਕਿ ਕਿਸਾਨਾਂ ਨੂੰ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਨਹੀਂ ਸੀ ਮਿਲ ਰਹੀ। ਪਿੰਡ ਭਾਗੋਮਾਜਰਾ ਸਣੇ ਹੋਰਨਾਂ ਪਿੰਡਾਂ ਵਿੱਚ ਝੋਨੇ ਨੂੰ ਲੋੜ ਅਨੁਸਾਰ ਪਾਣੀ ਨਾਲ ਮਿਲਣ ਕਾਰਨ ਖੇਤ ਸੁੱਕਣ ਲੱਗ ਪਏ ਸੀ। ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਪਾਵਰਕੌਮ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ। ਬਲਜਿੰਦਰ ਸਿੰਘ ਭਾਗੋਮਾਜਰਾ, ਗੁਰਜੰਟ ਸਿੰਘ ਪੂਨੀਆ, ਮੰਗਾ ਪੂਨੀਆ, ਗੋਲੂ ਪੰਚ ਅਤੇ ਜਗਤਾਰ ਸਿੰਘ ਜੱਗੀ ਨੇ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਕਿਸਾਨਾਂ ਨੇ ਸਹਾਇਕ ਇੰਜਨੀਅਰ ਗੌਰਵ ਕੰਬੋਜ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਅਧਿਕਾਰੀ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਘਰੇਲੂ ਤੇ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇਗਾ।

Advertisement
Author Image

Advertisement
Advertisement
×