For the best experience, open
https://m.punjabitribuneonline.com
on your mobile browser.
Advertisement

ਕੰਪਿਊਟਰ ਅਧਿਆਪਕਾਂ ਦੀ ਅੱਜ ਵੀ ਨਾ ਹੋ ਸਕੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ

09:03 AM Sep 13, 2024 IST
ਕੰਪਿਊਟਰ ਅਧਿਆਪਕਾਂ ਦੀ ਅੱਜ ਵੀ ਨਾ ਹੋ ਸਕੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ
ਸੰਗਰੂਰ ’ਚ ਪੱਕੇ ਮੋਰਚੇ ਦੌਰਾਨ ਬੇਮਿਆਦੀ ਭੁੱਖ ਹੜਤਾਲ ਦੇ 12ਵੇਂ ਦਿਨ ਨਾਅਰੇਬਾਜ਼ੀ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅੱਜ ਦੂਜੇ ਦਿਨ ਵੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੈਨਲ ਮੀਟਿੰਗ ਨਹੀਂ ਹੋ ਸਕੀ। ਬੀਤੇ ਦਿਨ ਇਹ ਮੀਟਿੰਗ ਇੱਕ ਦਿਨ ਅੱਗੇ ਪਾਉਂਦਿਆਂ 12 ਸਤੰਬਰ ਨੂੰ ਹੋਣੀ ਤੈਅ ਹੋਈ ਸੀ। ਉਂਝ ਅੱਜ ਚੰਡੀਗੜ੍ਹ ਵਿੱਚ ਕੰਪਿਊਟਰ ਅਧਿਆਪਕਾਂ ਦੇ ਸੂਬਾਈ ਵਫ਼ਦ ਦੀ ਮੀਟਿੰਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਕੱਤਰ ਸਿੱਖਿਆ ਵਿਭਾਗ ਨਾਲ ਹੋਈ ਪਰੰਤੂ ਕੰਪਿਊਟਰ ਅਧਿਆਪਕ ਇਸ ਮੀਟਿੰਗ ਤੋਂ ਸੰਤੁਸ਼ਟ ਨਾ ਹੋਏ। ਉਧਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੰਪਿਊਟਰ ਅਧਿਆਪਕਾਂ ਵੱਲੋਂ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਸ਼ੁਰੂ ਕੀਤੀ ਬੇਮਿਆਦੀ ਸੂਬਾ ਪੱਧਰੀ ਭੁੱਖ ਹੜਤਾਲ 12ਵੇਂ ਦਿਨ ਵੀ ਜਾਰੀ ਰਹੀ। ਪੱਕੇ ਮੋਰਚੇ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੀਟਿੰਗ ਤੋਂ ਬਾਅਦ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਾਜਵੰਤ ਕੌਰ, ਲਖਵਿੰਦਰ ਸਿੰਘ, ਜਸਪਾਲ ਸਿੰਘ ਆਦਿ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੰਪਿਊਟਰ ਅਧਿਆਪਕਾਂ ਨੂੰ ਚੰਡੀਗੜ੍ਹ ਮੀਟਿੰਗ ਲਈ ਸੱਦ ਕੇ ਖੁਦ ਕਿਸੇ ਬਾਹਰੀ ਸੂਬੇ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਸਕਤੱਰ ਨਾਲ ਕਰਵਾਈ ਗਈ ਮੀਟਿੰਗ ਬੇਸਿੱਟਾ ਰਹੀ ਹੈ। ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਨਾਲ 20 ਅਗਸਤ ਦੀ ਮੀਟਿੰਗ ਨਿਸ਼ਚਿਤ ਹੋਈ ਸੀ, ਜਿਸ ਨੂੰ ਮੁਲਤਵੀ ਕਰਕੇ 11 ਸਤੰਬਰ ਅਤੇ ਉਸ ਨੂੰ ਵੀ ਮੁਲਤਵੀ ਕਰਕੇ 12 ਸਤੰਬਰ ਦਾ ਸਮਾਂ ਦਿੱਤਾ ਗਿਆ ਸੀ। ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸੰਘਰਸ਼ ਆਰ-ਪਾਰ ਦੀ ਲੜਾਈ ਵਿੱਚ ਤਬਦੀਲ ਹੋਵੇਗਾ। ਇਸ ਸੰਘਰਸ਼ ਤਹਿਤ 14 ਸਤੰਬਰ ਨੂੰ ਚੰਡੀਗੜ੍ਹ ਵਿੱਚ ਮਹਾਰੈਲੀ ਕਰ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ ਸੂਬਾ ਭਰ ਤੋਂ ਕੰਪਿਊਟਰ ਅਧਿਆਪਕ ਸ਼ਾਮਲ ਹੋਣਗੇ। ਇਸ ਮਗਰੋਂ ਅਗਲੇ ਐਕਸ਼ਨ ਦਾ ਐਲਾਨ ਵੀ ਮੌਕੇ ’ਤੇ ਹੀ ਕਰ ਦਿੱਤਾ ਜਾਵੇਗਾ। ਅਧਿਆਪਕਾਂ ਦੀ ਮੰਗ ਹੈ ਕਿ ਸਾਲ 2011 ਵਿੱਚ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ, ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।

Advertisement

Advertisement
Advertisement
Author Image

joginder kumar

View all posts

Advertisement