ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਸਤੰਬਰ
ਧਰਮ ਤੇ ਵਿਰਸਾ ਕਲੱਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 117ਵਾਂ ਜਨਮ ਦਿਨ ਪੰਜਾਬ ਟਰੇਡ ਸੈਂਟਰ ਵਿੱਚ ਕੇਕ ਕੱਟ ਕੇ ਮਨਾਇਆ ਗਿਆ ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਇਸ ਮੌਕੇ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਮਠਾੜੂ ਨੇ ਕਿਹਾ ਕਿ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਇੱਕ ਅੰਦੋਲਨਕਾਰੀ ਆਗੂ ਸਨ ਜਿਨ੍ਹਾਂ ਦੇ ਦਿਲ ਵਿੱਚ ਦੇਸ਼ ਭਗਤੀ ਦੇ ਨਾਲ ਨਾਲ ਆਪਣੇ ਗੁਲਾਮ ਦੇਸ਼ ਨੂੰ ਆਜ਼ਾਦ ਕਰਵਾਉਣ ਦਾ ਜਨੂੰਨ ਤੇ ਜਜ਼ਬਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਜੇਕਰ ਦੇਸ਼ ਭਗਤੀ ਦਾ ਜਨੂੰਨ ਅਤੇ ਜਜ਼ਬਾ ਹੋਵੇਗਾ ਤਾਂ ਹੀ ਅੰਦੋਲਨਕਾਰੀ ਬਣਕੇ ਅੰਦੋਲਨ ਦਾ ਰਾਹ ਅਪਣਾ ਸਕਦੇ ਹਨ। ਇਸ ਮੌਕੇ ਚੇਅਰਮੈਨ ਇੰਦਰਪ੍ਰੀਤ ਸਿੰਘ ਟਿਵਾਣਾ ਨੇ ਵੀ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।
ਸਮਰਾਲਾ (ਪੱਤਰ ਪ੍ਰੇਰਕ): ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿੱਚ ਅੱਜ ਅੰਗਰੇਜ਼ੀ ਦੇ ਪ੍ਰਸਿੱਧ ਵਿਦਵਾਨ ਅਤੇ ਅਨੁਵਾਦਕ ਮੈਕਸ ਆਰਥਰ ਮੈਕਾਲਿਫ ਦਾ 186ਵਾਂ ਅਤੇ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਹਾੜਾ ਮਨਾਇਆ ਗਿਆ। ਸਮਾਰੋਹ ਦਾ ਆਰੰਭ ਵਿਦਿਆਰਥੀਆਂ ਵੱਲੋਂ ਮੈਕਸ ਆਰਥਰ ਮੈਕਾਲਿਫ ਤੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇ ਕੇ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਬੱਚਿਆਂ ਨੂੰ ਦੱਸਿਆ ਕਿ ਮੈਕਸ ਆਰਥਰ ਮੈਕਾਲਿਫ ਮਹਾਨ ਵਿਦਵਾਨ ਨੇ ਸਿੱਖਾਂ ਦੇ ਧਾਰਮਿਕ ਗ੍ਰੰਥ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਇਸ ਦੀਆਂ ਸਿੱਖਿਆਵਾਂ ਨੂੰ ਸਾਰੀ ਦੁਨੀਆਂ ਵਿੱਚ ਫੈਲਾਇਆ ਹੈ। ਇਸੇ ਤਰ੍ਹਾਂ ਭਗਤ ਸਿੰਘ ਇੱਕ ਸਿਰੜੀ ਨੌਜਵਾਨ ਸਨ, ਜਿਨ੍ਹਾਂ ਛੋਟੀ ਜਿਹੀ ਉਮਰ ਵਿੱਚ ਆਪਣੇ ਦੇਸ਼ ਪ੍ਰਤੀ ਦੇਸ਼ ਭਗਤੀ ਦਾ ਵੱਡਾ ਸੁਨੇਹਾ ਦਿੱਤਾ, ਜਿਨ੍ਹਾਂ ਦੀ ਕੁਰਬਾਨੀ ਨੂੰ ਸਦਾ ਯਾਦ ਕੀਤਾ ਜਾਵੇਗਾ।
ਇਸੇ ਤਰ੍ਹਾਂ ਲੇਬਰ ਚੌਕ ਵਿੱਚ ਕਾਮਰੇਡ ਭਜਨ ਸਿੰਘ ਅਤੇ ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਦੀ ਅਗਵਾਈ ਹੇਠ ਸ਼ਹੀਦ- ਏ-ਅਜ਼ਮ ਭਗਤ ਸਿੰਘ ਦਾ ਜਨਮ ਦਿਨ ਇੱਕ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ। ਇਸ ਤੋਂ ਇਲਾਵਾ ਮੇਨ ਚੌਕ ਵਿੱਚ ਰਿਕਸ਼ਾ ਯੂਨੀਅਨ ਨੇ ਪ੍ਰਧਾਨ ਸ਼ੇਰ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਥੋਂ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਕਸਬਾ ਜੋਧਾਂ-ਰਤਨ ਦੇ ਮੁੱਖ ਬਾਜ਼ਾਰ ਵਿੱਚ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਡਾ. ਜਸਵਿੰਦਰ ਕਾਲਖ ਅਤੇ ਜ਼ਿਲ੍ਹਾ ਪ੍ਰਧਾਨ ਡਾ. ਸੁਖਵਿੰਦਰ ਸਿੰਘ ਅਟਵਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਜ਼ਾਦੀ ਦੀ ਲੜਾਈ ਦੌਰਾਨ ਜਿਹੜੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਸੀ। ਉੱਧਰ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ ਜੜਤੌਲੀ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਅਗਵਾਈ ਹੇਠ ਕਿਲ੍ਹਾ ਰਾਏਪੁਰ ਵਿੱਚ ਵੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ ਕੀਤਾ ਗਿਆ। ਇਸ ਮੌਕੇ ਲੰਗਰ ਵੀ ਲਾਏ ਗਏ।
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਸਥਾਨਕ ਝਾਂਸੀ ਰਾਣੀ ਚੌਕ ’ਚ ਹਰ ਸਾਲ ਵਾਂਗ ਸ਼ਹੀਦ ਭਗਤ ਸਿੰਘ ਕਲੱਬ ਨੇ ਪ੍ਰਧਾਨ ਕੌਂਸਲਰ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ ਦੀ ਅਗਵਾਈ ਹੇਠ ਰਾਹਗੀਰਾਂ ਲਈ ਲੰਗਰ ਲਾਇਆ। ਸਭ ਤੋਂ ਪਹਿਲਾਂ ਸ਼ਹੀਦ ਦੀਆਂ ਤਸਵੀਰਾਂ ’ਤੇ ਫੁੱਲ ਪੱਤੀਆਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਕਾਮਰੇਡ ਰਾਜੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸਾਥੀਆਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਆਜ਼ਾਦ ਹਾਂ ਅਤੇ ਆਜ਼ਾਦੀ ਹਵਾਵਾਂ ’ਚ ਸਾਹ ਲੈ ਰਹੇ ਹਾਂ। ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਜੀਵਨੀ, ਸੋਚ ਅਤੇ ਕੁਰਬਾਨੀ ਬਾਰੇ ਵਿਸਥਾਰ ’ਚ ਜ਼ਿਕਰ ਕੀਤਾ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਚੌਕੀਮਾਨ ਟੌਲ ਪਲਾਜ਼ੇ ‘ਤੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ।
ਮਾਛੀਵਾੜਾ (ਪੱਤਰ ਪ੍ਰੇਰਕ): ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 117ਵਾਂ ਜਨਮਦਿਨ ਸ਼ਹੀਦ ਭਗਤ ਸਿੰਘ ਕਾਲੋਨੀ ਮਾਛੀਵਾੜਾ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸੀ.ਪੀ.ਆਈ. ਦੇ ਬਲਾਕ ਸਕੱਤਰ ਕਾਮਰੇਡ ਜਗਦੀਸ਼ ਰਾਏ ਬੌਬੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਬਰਾਬਰੀ ਦਾ ਸਮਾਜ ਚਾਹੁੰਦੇ ਸਨ ਤਾਂ ਜੋ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਹੋਵੇ ਅਤੇ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇ। ‘ਆਪ’ ਆਗੂ ਬਲਵਿੰਦਰ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਕਲੋਨੀ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਕੁਝ ਸਮੱਸਿਆਵਾਂ ਲਿਆਂਦੀਆਂ ਹਨ, ਜਿਨ੍ਹਾਂ ਨੂੰ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰ ਨਾਲ ਮਿਲ ਕੇ ਜਲਦ ਹੱਲ ਕਰਵਾਇਆ ਜਾਵੇਗਾ।
ਨਾਰੰਗਵਾਲ ਕਾਲਜ ਵਿੱਚ ਫ਼ਿਲਮ ਸ਼ੋਅ ਅਤੇ ਪੁਸਤਕ ਪ੍ਰਦਰਸ਼ਨੀ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਨੌਜਵਾਨ ਭਾਰਤ ਸਭਾ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਅਤੇ ਭਗਤ ਸਿੰਘ ਦੇ ਜੀਵਨ ਉਪਰ ਅਧਾਰਿਤ ਫ਼ਿਲਮ ਵੀ ਦਿਖਾਈ ਗਈ। ਨੌਜਵਾਨ ਭਾਰਤ ਸਭਾ ਪੱਖੋਵਾਲ ਦੇ ਜਨਰਲ ਸਕੱਤਰ ਰਿਸ਼ੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਨੌਜਵਾਨਾਂ ਦੇ ਨਾਇਕ ਬਦਲ ਰਹੇ ਹਨ, ਹੁਣ ਫ਼ਿਲਮੀ ਨਾਇਕ ਲੋਕ ਨਾਇਕ ਬਣਾ ਦਿੱਤੇ ਗਏ ਹਨ। ਪੰਜਾਬ ਵਿਚ ਬੌਧਿਕਤਾ ਦਾ ਸੰਕਟ ਵਧ ਰਿਹਾ ਹੈ ਅਤੇ ਮਨੁੱਖੀ ਸੰਵੇਦਨਾ ਹੀ ਮਨੁੱਖ ਨੂੰ ਸਮਾਜਿਕ ਬਣਾਉਂਦੀ ਹੈ ਪਰ ਅੱਜ ਮਨੁੱਖੀ ਸੰਵੇਦਨਾ ਗੁਆਚਦੀ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਦਾ ਸੱਦਾ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਸਿੰਘ ਸੋਹੀ ਨੇ ਕਿਹਾ ਕਿ ਭਗਤ ਸਿੰਘ ਸਾਡੇ ਨਾਇਕ ਹਨ ਅਤੇ ਨੌਜਵਾਨਾਂ ਦੇ ਆਦਰਸ਼ ਸਾਡੇ ਦੇਸ਼ ਭਗਤ ਹੀ ਹੋਣੇ ਚਾਹੀਦੇ ਹਨ।