ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਇੱਥੇ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਮਾਗਮ ਹੋਏ ਜਿਨ੍ਹਾਂ ਵਿੱਚ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹੋਏ ਸਮਾਗਮ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ, ਜਨਰਲ ਸ਼ਬੇਗ ਸਿੰਘ, ਬਾਬਾ ਠਾਰਾ ਸਿੰਘ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ, ਭਾਈ ਜਸਪਾਲ ਸਿੰਘ ਆਦਿ ਆਗੂਆਂ ਨੇ ਸ਼ਹੀਦਾਂ ਦੇ ਸੰਘਰਸ਼ਮਈ ਜੀਵਨ ’ਤੇ ਰੌਸ਼ਨੀ ਪਾਈ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ, ਬੀਬੀ ਜਸਪ੍ਰੀਤ ਕੌਰ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਜੂਨ ‘84 ਵਿੱਚ ਵਾਪਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਹੋਏ। ਉਪਰੰਤ ਸਜੇ ਦੀਵਾਨਾਂ ਵਿੱਚ ਸਮੂਹ ਸੰਗਤ ਵੱਲੋਂ ਸ਼ਹੀਦ ਸਿੰਘਾਂ ਵਾਸਤੇ ਅਰਦਾਸ ਕੀਤੀ ਗਈ।