ਅਕਾਲ ਤਖ਼ਤ ਦਾ ਹਰ ਆਦੇਸ਼ ਖਿੜੇ ਮੱਥੇ ਪ੍ਰਵਾਨ: ਮਜੀਠੀਆ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਕ ਅੱਜ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣਾ ਸਪੱਸ਼ਟੀਕਰਨ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਵਿੱਚ ਅਰਦਾਸ ਵੀ ਕੀਤੀ। ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਉਨ੍ਹਾਂ ਆਪਣਾ ਸਪੱਸ਼ਟੀਕਰਨ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਅਕਾਲ ਤਖ਼ਤ ਅਤੇ ਗੁਰੂ ਘਰ ਨੂੰ ਸਮਰਪਿਤ ਰਹੇ ਹਨ ਅਤੇ ਰਹਿਣਗੇ। ਇਸ ਮਾਮਲੇ ਵਿੱਚ ਅਕਾਲ ਤਖ਼ਤ ਵੱਲੋਂ ਜੋ ਵੀ ਆਦੇਸ਼ ਹੋਵੇਗਾ, ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਹੋਏ ਆਦੇਸ਼ ਦੀ ਪਾਲਣਾ ਕਰਦਿਆਂ ਆਪਣਾ ਸਪੱਸ਼ਟੀਕਰਨ ਦੇ ਕੇ ਆਏ ਹਨ। ਉਨ੍ਹਾਂ ਆਖਿਆ ਕਿ ਇਸ ਕੈਂਪਸ ਵਿੱਚ ਉਹ ਕੋਈ ਵੀ ਸਿਆਸੀ ਗੱਲ ਨਹੀਂ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸਾਬਕਾ ਅਕਾਲੀ ਮੰਤਰੀ ਹੀਰਾ ਸਿੰਘ ਗਾਬੜੀਆ ਵੀ ਆਪਣਾ ਸਪੱਸ਼ਟੀਕਰਨ ਪੱਤਰ ਸੌਂਪ ਕੇ ਗਏ ਹਨ। ਇਸ ਤੋਂ ਪਹਿਲਾਂ ਡਾਕਟਰ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਗੁਲਜ਼ਾਰ ਸਿੰਘ ਰਣੀਕੇ ਵੀ ਆਪਣਾ ਸਪੱਸ਼ਟੀਕਰਨ ਇਥੇ ਸੌਂਪ ਚੁੱਕੇ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਚੱਲ ਰਹੇ ਅੰਦਰੂਨੀ ਸੰਕਟ ਦੌਰਾਨ ਨਾਰਾਜ਼ ਧੜੇ ਵੱਲੋਂ ਅਕਾਲ ਤਖ਼ਤ ਵਿਖੇ ਇੱਕ ਪੱਤਰ ਸੌਂਪ ਕੇ ਦੋਸ਼ ਲਾਇਆ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਉਨ੍ਹਾਂ ਕੋਲੋਂ ਕਈ ਗਲਤੀਆਂ ਅਤੇ ਭੁੱਲਾਂ ਚੁੱਕਾਂ ਹੋਈਆਂ ਹਨ, ਜਿਸ ਸਬੰਧੀ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ।