ਲੋਕਾਂ ਦੇ ਟੈਕਸ ਦਾ ਹਰ ਪੈਸਾ ਭਲਾਈ ਕਾਰਜਾਂ ਲੇਖੇ ਲੱਗੇਗਾ: ਭਗਵੰਤ ਮਾਨ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਅਗਸਤ
ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੀ ਉਸਾਰੀ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਸਹਾਇਤਤਾ ਵਜੋਂ 101 ਕਰੋੜ ਰੁਪਏ ਦੇ ਚੈੱਕ ਦਿੱਤੇ।
ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਹੈ ਕਿ ਸੂਬੇ ਵਿੱਚੋਂ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ੀ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ, ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਤੇ ਸਿਹਤ ਖੇਤਰ ਵਿੱਚ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਦਮ ਚੁੱਕੇ ਜਾਣਾ ਬਹੁਤ ਜ਼ਰੂਰੀ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿਚ ਨੌਜਵਾਨਾਂ ਕੋਲ ਅਥਾਹ ਸਮਰੱਥਾ ਹੈ, ਜਿਸ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਮੁਲਕ ਦੇ ਆਰਥਿਕ-ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਇਆ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ ਤੇ ਹੋਰ ਮੌਜੂਦ ਸਨ।