ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਵਿਅਕਤੀ ਬੂਟੇ ਲਾਵੇ: ਧਾਲੀਵਾਲ
ਪੱਤਰ ਪ੍ਰੇਰਕ
ਅਜਨਾਲਾ, 5 ਜੂਨ
ਵਿਸ਼ਵ ਵਾਤਾਵਰਨ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐੱਸਡੀਐੱਮ ਦਫ਼ਤਰ ਅਜਨਾਲਾ ਦੇ ਕੰਪਲੈਕਸ ਵਿੱਚ ਕਰਵਾਏ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਘੱਟੋ-ਘੱਟ 5 ਬੂਟੇ ਜ਼ਰੂਰ ਲਾਉਣੇ ਚਾਹੀਦੇ ਹਨ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਇਹ ਪੌਦੇ ਅਜਨਾਲਾ ਹਲਕੇ ਦੇ ਸਾਰੇ ਸਕੂਲਾਂ, ਹਸਪਤਾਲਾਂ, ਖੇਡ ਮੈਦਾਨਾਂ ਅਤੇ ਸੜਕਾਂ ਦੇ ਆਲੇ ਦੁਆਲੇ ਲਗਾਏ ਜਾਣਗੇ। ਉਨ੍ਹਾਂ ਅਜਨਾਲਾ ਦੇ ਐਸ.ਡੀ.ਐਮ ਦਫ਼ਤਰ ਕੰਪਲੈਕਸ ਵਿੱਚ ਬੂਟੇ ਵੀ ਲਗਾਏ ਗਏ।
ਜਲੰਧਰ (ਪੱਤਰ ਪ੍ਰੇਰਕ) : ਇੱਥੇ ਜ਼ਿਲ੍ਹਾ ਕਚਿਹਰੀਆਂ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਜਲੰਧਰ ਵਿੱਚ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਵੱਲੋਂ ਬੂਟੇ ਲਗਾਏ ਗਏ। ਇਸ ਮੌਕੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਪਰਿੰਦਰ ਸਿੰਘ ਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਮਿਤ ਗਰਗ ਵੀ ਮੌਜੂਦ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਵਿਸ਼ਵ ਵਾਤਾਵਰਨ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟ ਧਰਮ ਚੰਦ ਕਲਾਂ ਵਿੱਚ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ| ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਸਤਨਾਮ ਸਿੰਘ ਬਾਠ ਦੀ ਅਗਵਾਈ ਵਿੱਚ ਕੀਤੇ ਇਸ ਸਮਾਗਮ ਵਿੱਚ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ| ਇਸ ਮੌਕੇ ਵਿਧਾਇਕ ਡਾ. ਸੋਹਲ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ| ਉਨ੍ਹਾਂ ਪਲਾਸਟਿਕ ਦੀ ਵਰਤੋਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਨ ਸਭਨਾਂ ਨੂੰ ਸਾਂਝੇ ਤੌਰ ਤੇ ਹੰਭਲਾ ਮਾਰਨ ਦੀ ਵੀ ਪ੍ਰੇਰਨਾ ਦਿੱਤੀ| ਸਕੂਲ ਦੇ ਪ੍ਰਿੰਸੀਪਲ ਵਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਬੂਟੇ ਵੀ ਲਾਏ ਗਏ।
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੰਪਨੀ ਬਾਗ਼ ਵਿੱਚ ਬੂਟੇ ਲਗਾਏ ਗਏ। ਇਸ ਦੌਰਾਨ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਵਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਫਗਵਾੜਾ (ਪੱਤਰ ਪ੍ਰੇਰਕ): ਸਰਬ ਨੌਜਵਾਨ ਸਭਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ‘ਚ ਸਭਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ।
ਬੰਗਾ (ਪੱਤਰ ਪ੍ਰੇਰਕ): ਵਾਤਾਵਰਨ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਖਟਕੜ ਕਲਾਂ ਵਿੱਚ ਸਥਾਪਿਤ ਯਾਦਗਾਰ ‘ਤੇ ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸੁੰਦਰਤਾ ‘ਚ ਵਾਲੰਟੀਅਰ ਬਣ ਕੇ ਸੇਵਾਵਾਂ ਨਿਭਾਉਣ ਦਾ ਸੱਦਾ ਦਿੱਤਾ ਗਿਆ।
ਯੁਵਕ ਸੇਵਾਵਾਂ ਵਿਭਾਗ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਯੁਵਕ ਸੇਵਾਵਾਂ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 41 ਸੰਸਥਾਵਾਂ ਦੇ 1800 ਤੋਂ ਵੱਧ ਵਾਲੰਟੀਅਰਾਂ ਨੇ 11 ਹਜ਼ਾਰ ਤੋਂ ਵੱਧ ਬੂਟੇ ਲਗਾਏ। ਉਨ੍ਹਾਂ ਦੱਸਿਆ ਕਿ ਅੱਜ ਤੋਂ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ।