ਚੰਡੀਗੜ੍ਹ ਨੂੰ ਸਾਫ਼-ਸੁਥਰਾ ਬਣਾਉਣ ਲਈ ਸਾਰੇ ਮਿਲ ਕੇ ਯਤਨ ਕਰਨ: ਕਟਾਰੀਆ
ਮੁਕੇਸ਼ ਕੁਮਾਰ
ਚੰਡੀਗੜ੍ਹ, 2 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਨੇ ਬੁੱਧਵਾਰ ਨੂੰ ‘ਸਵੱਛ ਭਾਰਤ ਦਿਵਸ’ ਅਤੇ ‘155ਵੀਂ ਗਾਂਧੀ ਜੈਯੰਤੀ’ ਮੌਕੇ ਸਫ਼ਾਈ ਮਿੱਤਰਾਂ ਦਾ ਸਨਮਾਨ ਕਰਨ ਲਈ ਸੈਕਟਰ-38 ਸਥਿਤ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਵਿੱਚ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸਵੱਛ ਸਰਵੇਖਣ-2024 ਵਿੱਚ ਚੰਡੀਗੜ੍ਹ ਦੀ ਰੈਂਕਿੰਗ ਨੂੰ ਉੱਚਾ ਚੁੱਕਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸਫ਼ਾਈ ਮਿੱਤਰਾਂ ਨੂੰ ਉਨ੍ਹਾਂ ਦੀ ਨਿਰਸਵਾਰਥ ਸੇਵਾ ਲਈ ਸਨਮਾਨਿਆ। ਉਨ੍ਹਾਂ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਯੋਗਦਾਨ ਲਈ ਸਵੱਛਤਾ ਚੈਂਪੀਅਨਜ਼ (ਯੂਥ), ਮਹਿਲਾ ਸੈਲਫ ਹੈਲਪ ਗਰੁੱਪਾਂ ਅਤੇ ਹੋਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਵੰਡੇ।
ਇਸ ਮੌਕੇ ਸੰਬੋਧਨ ਕਰਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਫ਼ਾਈ ਮਿੱਤਰਾਂ ਦੇ ਯੋਗਦਾਨ ’ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਦੀ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਤਹਿਤ ਕੰਮ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਸਵੱਛ ਸਰਵੇਖਣ-2024 ਵਿੱਚ ਚੰਡੀਗੜ੍ਹ ਦੀ ਰੈਂਕਿੰਗ ਨੂੰ ਉੱਚਾ ਚੁੱਕਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਅਸੀਂ ਆਪਣੇ ਆਲੇ-ਦੁਆਲੇ ’ਚ ਸਾਫ਼-ਸੁਥਰਾ ਬਣਾ ਸਕਦੇ ਹਾਂ। ਸ੍ਰੀ ਕਟਾਰੀਆ ਨੇ ਕਿਹਾ ਕਿ ਸਵੱਛ ਭਾਰਤ ਦਿਵਸ ਇੱਕ ਸਵੱਛ ਅਤੇ ਕੂੜਾ-ਮੁਕਤ ਭਾਰਤ ਬਣਾਉਣ ਲਈ ਸਫ਼ਾਈ ਮਿੱਤਰਾਂ ਦੀ ਵਚਨਬੱਧਤਾ ਨੂੰ ਮਾਨਤਾ ਦੇਣ ਲਈ ਸਮਰਪਿਤ ਦਿਨ ਹੈ।
ਇਸ ਮੌਕੇ ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ ਨੇ ਸਫ਼ਾਈ ਮਿੱਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ 24 ਘੰਟੇ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਾਰੇ ਹਿੱਸੇਦਾਰਾਂ ਦੇ ਯੋਗਦਾਨ ਲਈ ਵੀ ਧੰਨਵਾਦ ਕੀਤਾ। ਮੇਅਰ ਨੇ ਦੱਸਿਆ ਕਿ 17 ਤੋਂ 30 ਸਤੰਬਰ ਤੱਕ 155 ਥਾਵਾਂ ‘ਤੇ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਨਿਗਮ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਕਿਹਾ ਕਿ ਸਵੱਛ ਉਤਸਵ ਸਫ਼ਾਈ ਮਿੱਤਰਾਂ ਦੇ ਅਸਾਧਾਰਨ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਮੁਹਿੰਮ ਦੀ ਸਫਲਤਾ ਵਿੱਚ ਯੋਗਦਾਨ ਪਾਉਣ ਵਾਲੇ ਸਵੈ-ਸਹਾਇਤਾ ਸਮੂਹਾਂ, ਸਕੂਲਾਂ, ਗੈਰ ਸਰਕਾਰੀ ਸੰਗਠਨਾਂ ਅਤੇ ਨਾਗਰਿਕਾਂ ਸਣੇ ਸਾਰੇ ਹਿੱਸੇਦਾਰਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ, ਸਕੱਤਰ ਲੋਕਲ ਏਰੀਆ ਕੌਂਸਲਰ ਯੋਗੇਸ਼ ਢੀਂਗਰਾ, ਹੋਰ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਨਾਗਰਿਕ ਵੀ ਹਾਜ਼ਰ ਸਨ।